ਮਾਨਸਾ, 11 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ) : ਮਾਨਸਾ ਵਿਖੇ ਸ੍ਰੀਮਤੀ ਬਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਗ੍ਰਹਿ ਤੇ ਨਿਆਂ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਲਦੀਪ ਕੌਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਰਾਜ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇ ਅਤੇ ਜਿੰਨਾਂ ਜਲਦੀ ਹੋ ਸਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਕੰਮ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਰਿਸ਼ਵਤਖੌਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਸਮੂਹ ਉੱਚ ਅਧਿਕਾਰੀਆਂ ਨੂੰ ਲੋਕ ਮਸਲਿਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਹਰਪ੍ਰੀਤ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।