ਮਾਨਸਾ -ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਕੀਤੀ 718 ਕਰੋੜ ਤੋਂ ਵੱਧ ਦੀ ਅਦਾਇਗੀ

0
19

ਮਾਨਸਾ, 05 ਮਈ ( ( ਸਾਰਾ ਯਹਾ/ਬਲਜੀਤ ਸ਼ਰਮਾ) ) : ਮਾਨਸਾ ਜ਼ਿਲ੍ਹੇ ਅੰਦਰ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 493105 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 477520 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਤਿਆਰ ਕੀਤੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਪੀਣੇ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦਾ ਪ੍ਰਬੰਧ ਮੰਡੀਆਂ ਵਿੱਚ ਕੀਤਾ ਹੋਇਆ ਹੈ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਹੱਥ ਧੋਣ ਲਈ ਪੈਰ੍ਹਾਂ ਨਾਲ ਪਾਣੀ ਚਲਾਉਣ ਵਾਲੀਆਂ ਟੈਂਕੀਆਂ ਦੀ ਵਿਵਸਥਾ ਵੀ ਕੀਤੀ ਹੋਈ ਹੈ, ਤਾਂ ਜੋ ਕੋਰੋਨਾ ਵਾਇਰਸ ਦਾ ਪ੍ਰਭਾਵ ਖ਼ਤਮ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ

ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਸਕਾਂ ਦੀ ਵੰਡ ਕੀਤੀ ਗਈ ਹੈ ਅਤੇ ਨਾਲ ਹੀ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਣ ਕਿਉਂਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਬਹੁਤ ਆਸਾਨੀ ਨਾਲ ਫੈਲਦੀ ਹੈ ਇਸ ਲਈ ਹਰੇਕ ਵਿਅਕਤੀ ਆਪਣਾ ਨੱਕ ਅਤੇ ਮੂੰਹ ਢੱਕ ਕੇ ਰੱਖੇ। ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਖਰੀਦ ਕੀਤੀ ਗਈ 477520 ਮੀਟਰਕ ਟਨ ਫਸਲ ਵਿੱਚੋਂ ਪਨਗ੍ਰੇਨ ਵੱਲੋਂ 161325 ਮੀਟਰਕ ਟਨ, ਐਫ.ਸੀ.ਆਈ. 26250, ਮਾਰਕਫੈਡ ਵੱਲੋਂ 118781, ਪਨਸਪ 108690, ਵੇਅਰ ਹਾਊਸ ਵੱਲੋਂ 60754 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1720 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 342551 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਖਰੀਦ ਲਈ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 718 ਕਰੋੜ ਤੋਂ ਵੀ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

NO COMMENTS