*ਮਾਨਸਾ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ*

0
474

ਮਾਨਸਾ, 20 ਅਪ੍ਰੈਲ (ਸਾਰਾ ਯਹਾਂ /ਮੁੱਖ ਸੰਪਾਦਕ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਪਾਬੰਦੀ ਹੁਕਮ ਜਾਰੀ ਕੀਤੇ ਹਨ ਜੋ ਕਿ ਅੱਜ ਮਿਤੀ 20 ਅਪ੍ਰੈਲ ਰਾਤ 8 ਵਜੇ ਤੋਂ 30 ਅਪ੍ਰੈਲ ਤੱਕ ਜ਼ਿਲ੍ਹਾ ਮਾਨਸਾ ਵਿਖੇ ਇੰਨ ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਰੈਸਟੋਰੈਂਟ (ਹੋਟਲਾਂ ਸਮੇਤ) ਬੰਦ ਰਹਿਣਗੇ, ਸਿਰਫ਼ ਖਾਣਾ ਪੈਕ ਕਰਵਾ ਕੇ ਲਿਜਾਉਣ ਅਤੇ ਹੋਮ ਡਿਲੀਵਰੀ ਦੀ ਇਜਾਜ਼ਤ ਹੋਵੇਗੀ। ਵਿਆਹ ਅਤੇ ਸਸਕਾਰ ਮੌਕੇ 20 ਵਿਅਕਤੀਆਂ ਤੋਂ ਵੱਧ ਇਕੱਠ ਕਰਨ ਦੀ ਆਗਿਆ ਨਹੀਂ ਹੋਵੇਗੀ ਅਤੇ 10 ਵਿਅਕਤੀਆਂ ਤੋਂ ਵੱਧ ਇੱਕਠ ਕਰਨ ਲਈ ਜ਼ਿਲ੍ਹਾ ਪ੍ਰਸਾਸ਼ਨ ਤੋਂ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਜੇਕਰ ਕੋਈ ਵੀ ਵਿਅਕਤੀ ਕਿਤੇ ਵੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਇੱਕਠ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸਨੂੰ 5 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਕੀਤਾ ਜਾਵੇਗਾ ਅਤੇ ਉਸਦਾ ਪ੍ਰੋਟੋਕਾਲ ਮੁਤਾਬਕ ਕੋਰੋਨਾ ਦਾ ਟੈਸਟ ਕਰਵਾਇਆ ਜਾਵੇਗਾ।  ਜ਼ਿਲ੍ਹੇ ਅੰਦਰ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਜਾਵੇਗਾ, ਜੋ ਕਿ ਵਿਆਹ ਸਮਾਗਮਾਂ ’ਤੇ ਵੀ ਲਾਗੂ ਹੋਵੇਗਾ ਪਰ ਸਾਰੀਆਂ ਜ਼ਰੂਰੀ ਗਤੀਵਿਧੀਆਂ ਜਿਵੇਂ ਉਦਯੋਗਾਂ ਦਾ ਚੱਲਣਾ, ਹਵਾਈ ਜਹਾਜ, ਰੇਲਗੱਡੀ, ਬੱਸ ਆਦਿ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇਸ ਕਰਫਿਊ ਤੋਂ ਛੂਟ ਹੋਵੇਗੀ। ਪਬਲਿਕ ਟਰਾਂਸਪੋਰਟ (ਬਸ, ਟੈਕਸੀ, ਆਟੋ) ਵਿੱਚ 50 ਫੀਸਦੀ ਸਮਰੱਥਾ ਅਨੁਸਾਰ ਹੀ ਸਵਾਰੀਆਂ ਬਿਠਾਉਣ ਦੀ ਪ੍ਰਵਾਨਗੀ ਹੋਵੇਗੀ। ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਮਾਲਜ਼, ਮਾਰਕਿਟਸ, ਦੁਕਾਨਾਂ ਅਤੇ ਰੈਸਟੋਰੈਂਟ (ਸਮੇਤ ਹੋਟਲ) ਐਤਵਾਰ ਨੂੰ ਬੰਦ ਰਹਿਣਗੇ ਅਤੇ ਸਾਰੀਆਂ ਹਫ਼ਤਾਵਰੀ ਮਾਰਕਿਟਾਂ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ।  ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ 45 ਸਾਲਾਂ ਤੋਂ ਵੱਧ ਉਮਰ ਦੇ ਜਿਨ੍ਹਾਂ ਸਿਹਤ/ਫਰੰਟਲਾਈਨ ਵਰਕਰਾਂ ਅਤੇ ਕਰਮਚਾਰੀਆਂ ਨੇ ਪਿਛਲੇ 15 ਦਿਨਾਂ ਜਾਂ ਜ਼ਿਆਦਾ ਤੋਂ ਹਾਲੇ ਤੱਕ ਇੱਕ ਵੀ ਟੀਕਾਕਰਨ ਡੋਜ਼ ਨਹੀਂ ਲਈ ਹੈ, ਉਨ੍ਹਾਂ ਨੂੰ ਛੁੱਟੀ ਲੈਣ ਅਤੇ ਘਰ ਰਹਿਣ ਲਈ ਉਤਸ਼ਾਹਿਤ ਕੀਤਾ ਜਾਵੇ, ਜਦੋਂ ਤੱਕ ਟੀਕਾਕਰਨ ਨਹੀਂ ਕਰਵਾਇਆ ਜਾਂਦਾ। ਇਸ ਤੋਂ ਇਲਾਵਾ 45 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਨੂੰ ਨੈਗੇਟਿਵ ਆਰ.ਟੀ –ਪੀਸੀਆਰ ਰਿਪੋਰਟ ਦੇ ਆਧਾਰ ’ਤੇ ਹੀ ਆਉਣ ਦੀ ਅਨੁਮਤੀ ਹੋਵੇਗੀ ਅਤੇ ਇਹ ਰਿਪੋਰਟ 5 ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਮਾਈਕਰੋ ਕੰਨਟੇਨਮੈਂਟ ਜੋਨਾਂ ਵਿੱਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਗਰਾਨ ਤਾਇਨਾਤ ਕੀਤਾ ਜਾਵੇ। ਨੌਕਰੀਆਂ ਲਈ ਪ੍ਰੀਖਿਆਵਾਂ (ਜਿਵੇਂ ਪਟਵਾਰੀ ਅਦਿ) ਨੂੰ ਅਗਲੇ ਹੁਕਮਾਂ ਤੱਕ ਅੱਗੇ ਵਧਾ ਦਿੱਤਾ ਗਿਆ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨੈਸ਼ਨਲ ਡਾਇਰੈਕਟਿਵਜ਼ ਫਾਰ ਕੋਵਿਡ-19 ਮੈਨੇਜਮੈਂਟ ਗਾਈਡਲਾਇਨਜ਼, ਐਸ.ਓ.ਪੀ. (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਅਤੇ ਪੰਜਾਬ ਸਰਕਾਰ ਵੱਲੋਂ ਕੋਵਿਡ ਤੋਂ ਬਚਾਅ ਲਈ ਜਾਰੀ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਘੱਟੋ-ਘੱਟ 6 ਫੁੱਟ ਦੀ ਦੂਰੀ, ਬਾਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਇੱਕਠ ਨੂੰ ਕੰਟਰੋਲ ’ਚ ਰੱਖਣਾ, ਮਾਸਕ ਪਾ ਕੇ ਰੱਖਣਾ ਤੇ ਜਨਤਕ ਥਾਵਾਂ ’ਤੇ ਨਾ ਥੁੱਕਣਾ ਅਦਿ ਨੂੰ ਲਾਗੂ ਕਰਵਾਉਣਾ ਯਕੀਨੀ ਬਣਾਇਆ ਜਾਵੇ।    ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਸਜ਼ਾਯੋਗ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਈ.ਪੀ.ਸੀ. (ਭਾਰਤੀ ਦੰਡਾਵਲੀ) ਦੀ ਧਾਰਾ 188 ਅਧੀਨ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

NO COMMENTS