-ਮਾਨਸਾ ‘ਚ ਫਸੇ 47 ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਨਿਵਾਸ ਝਾਰਖੰਡ ਲਈ ਕੀਤਾ ਰਵਾਨਾ

0
172

ਮਾਨਸਾ, 10 ਮਈ (ਸਾਰਾ ਯਹਾ,ਬਲਜੀਤ ਸ਼ਰਮਾ)  : ਕੋਵਿਡ-19 ਦੇ ਮੱਦੇਨਜ਼ਰ ਸੂਬੇ ਵਿਚ ਲਗਾਏ ਗਏ ਕਰਫਿਊ ਕਾਰਨ ਜ਼ਿਲ੍ਹੇ ਵਿਚ ਫਸੇ 47 ਪ੍ਰਵਾਸੀ ਮਜ਼ਦੂਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਇਸ ਪ੍ਰਕਿਰਿਆ ਲਈ  ਸਹਾਇਕ ਕਮਿਸ਼ਨਰ (ਜ) ਸ੍ਰੀ ਨਵਦੀਪ ਕੁਮਾਰ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਅਤੇ ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਵੀ ਮੌਜੂਦ ਸਨ। ਸਹਾਇਕ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 47 ਪ੍ਰਵਾਸੀ ਮਜ਼ਦੂਰ ਜੋ ਕਿ ਝਾਰਖੰਡ ਦੇ ਰਹਿਣ ਵਾਲੇ ਸਨ, ਉਨ੍ਹਾਂ ਨੂੰ ਦੋ ਪੀ.ਆਰ.ਟੀ.ਸੀ ਬੱਸਾਂ ਰਾਹੀਂ ਅੱਜ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਤੋਂ ਰਵਾਨਾ ਕੀਤਾ ਗਿਆ ਹੈ। ਇਨ੍ਹਾਂ ਮਜ਼ਦੂਰਾਂ ਵਿਚ 17 ਵਿਅਕਤੀ ਸਰਦੂਲਗੜ੍ਹ ਅਤੇ 30 ਵਿਅਕਤੀ ਮਾਨਸਾ ਤੋਂ ਸਨ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਵਿਅਕਤੀਆਂ ਦੁਆਰਾ ਆਨਲਾਈਨ ਰਜਿਸਟਰੇਸ਼ਨ ਕਰਵਾਈ ਗਈ ਸੀ ਜੋ ਕਿ ਵਾਪਸ ਆਪਣੇ ਘਰ ਜਾਣ ਦੇ ਇੱਛੁੱਕ ਸਨ। ਇਨ੍ਹਾਂ ਨੂੰ ਇਕ ਥਾਂ ਤੇ ਇਕੱਠਾ ਕਰਕੇ ਅਤੇ ਜਿੰਨ੍ਹਾਂ ਵਿਅਕਤੀਆਂ ਦੀ ਮੈਡੀਕਲ ਸਕਰੀਨਿੰਗ ਨਹੀਂ ਹੋਈ ਸੀ ਉਨ੍ਹਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਬਠਿੰਡਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਭੇਜੇ ਗਏ ਸਾਰੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ

ਰਿਫਰੈਸ਼ਮੈਂਟ ਵੀ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੁਆਰਾ ਬਠਿੰਡਾ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਇਨ੍ਹਾਂ ਵਿਅਕਤੀਆਂ ਦੀ ਦੇਖਰੇਖ ਅਤੇ ਇਨ੍ਹਾਂ ਨੂੰ ਬਠਿੰਡਾ ਤੋਂ ਰੇਲ ਰਾਹੀਂ ਝਾਰਖੰਡ ਲਈ ਰਵਾਨਾ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਤੋਂ 5 ਵਜੇ ਜਾ ਰਹੀ ਰੇਲ ਦੁਆਰਾ ਇਨ੍ਹਾਂ ਵਿਅਕਤੀਆਂ ਨੂੰ ਉਨ੍ਹਾਂ ਦੇ ਨਿਵਾਸ ਝਾਰਖੰਡ ਲਈ ਰਵਾਨਾ ਕੀਤਾ ਜਾਵੇਗਾ। ਸਾਰੇ ਪ੍ਰਵਾਸੀ ਮਜ਼ਦੂਰਾਂ ਨੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਕੀਤੇ ਗਏ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਬੀਰ ਮਾਨ ਨੂੰ ਇਨ੍ਹਾਂ ਵਿਅਕਤੀਆਂ ਦੇ ਨਾਲ ਦੇਖਰੇਖ ਲਈ ਬਠਿੰਡਾ ਵਿਖੇ ਨਾਲ ਭੇਜਿਆ ਗਿਆ ਹੈ। ਇਸ ਮੌਕੇ ਤਹਿਸੀਲਦਾਰ ਸ੍ਰੀ ਅਮਰਜੀਤ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਵੀ ਮੌਜੂਦ ਸਨ।

NO COMMENTS