ਮਾਨਸਾ ‘ਚ 341 ਚਲਾਨ ਕੱਟ ਕੇ 6.35 ਲੱਖ ਦੇ ਜ਼ੁਰਮਾਨੇ ਵਸੂਲੇ

0
112

ਮਾਨਸਾ, 27, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੁਆਰਾ ਸਮੇਂ ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਧਾ ਦਿੱਤੀ ਗਈ ਹੈ। ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਦੀ ਰੋਕਥਾਮ ਲਈ ਸਬ ਡਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਤੋਂ ਇਲਾਵਾ ਆਰ.ਟੀ.ਏ ਅਤੇ ਪੁਲਿਸ ਵਿਭਾਗ ਦੁਆਰਾ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨੇ ਵਸੂਲੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਮੁੜ ਗਲਤੀ ਨਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਲਾਪਰਵਾਹੀ ਨਾਲ ਵਾਹਨ ਚਲਾਉਣਾ ਬੇਹੱਦ ਖ਼ਤਰਨਾਕ ਹੁੰਦਾ ਹੈ ਅਤੇ ਅਜਿਹੇ ਵਾਹਨ ਚਾਲਕਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਕਮੇਟੀ ਦੀਆਂ ਨਿਰੰਤਰ ਮੀਟਿੰਗਾਂ ਦੌਰਾਨ ਸਾਹਮਣੇ ਆ ਰਿਹਾ ਸੀ ਕਿ ਚੌਕਸੀ ਵਿੱਚ ਵਧੇਰੇ ਵਾਧਾ ਕੀਤੇ ਜਾਣ ਦੀ ਲੋੜ ਹੈ ਜਿਸ ਦੇ ਚਲਦਿਆਂ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਅੰਦਰ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਾਹਨਾਂ ਦੀਆਂ ਚੈਕਿੰਗਾਂ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ ਗਈ ਜਿਸ ਦੇ ਚਲਦਿਆਂ ਦਸੰਬਰ ਤੋਂ ਹੁਣ ਤੱਕ 341 ਚਲਾਨ ਕੱਟ ਕੇ 6 ਲੱਖ 35 ਹਜ਼ਾਰ ਰੁਪਏ ਦੇ ਜ਼ੁਰਮਾਨੇ ਵਸੂਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੌਕਸੀ ਟੀਮਾਂ ਵੱਲੋਂ ਪ੍ਰੈਸ਼ਰ ਹਾਰਨਾਂ, ਓਵਰਲੋਡਿੰਗ, ਬਿਨਾਂ ਲਾਇਸੰਸ ਡਰਾਇਵਿੰਗ, ਸੀਟ ਬੈਲਟ ਨਾ ਲਾਉਣ, ਹੈਲਮਟ ਨਾ ਪਹਿਨਣ, ਲਾਲ ਬੱਤੀ ਦੀ ਉਲੰਘਣਾ ਅਤੇ ਬਿਨਾਂ ਪਰਮਿਟ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਇਸ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਦੀ ਦਰ ਨੂੰ ਮੁਕੰਮਲ ਤੌਰ ‘ਤੇ ਠੱਲ੍ਹ ਪਾਈ ਜਾ ਸਕੇ ਅਤੇ ਸੜਕ ਹਾਦਸਿਆਂ ਕਾਰਨ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ।

NO COMMENTS