*ਮਾਨਸਾ ਜਿਲੇਂ ਦੇ ਲੋਕ ਅਜੀਤ ਅਖਬਾਰ ਸਮੂਹ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਹੋਏ ਲਾਮਬੰਦ*

0
465

ਮਾਨਸਾ 16 /6/2023(ਸਾਰਾ ਯਹਾਂ/  ਮੁੱਖ ਸੰਪਾਦਕ) ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ‘ਅਜੀਤ’ ਅਖ਼ਬਾਰ ਨਾਲ ਰਾਜ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਬੁੱਤ ਬੱਸ ਸਟੈਂਡ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ | ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਰੋਸ ਧਰਨਾ ਲਗਾਇਆ ਗਿਆ | ਧਰਨੇ ‘ਚ ਰਾਜਨੀਤਿਕ, ਕਿਸਾਨ, ਮਜ਼ਦੂਰ, ਸਮਾਜਿਕ, ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ |


ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਲੋਕਤੰਤਰ ਦੇ ਚੌਥੇ ਥੰਮ੍ਹ ਪੈੱ੍ਰਸ ਦੀ ਆਜ਼ਾਦੀ ‘ਤੇ ਹਮਲੇ ਨੂੰ ਜਮਹੂਰੀਅਤ ਲਈ ਵੱਡਾ ਖ਼ਤਰਾ ਦੱਸਿਆ | ਉਨ੍ਹਾਂ ਕਿਹਾ ਕਿ ਬਦਲੇ ਦੀ ਭਾਵਨਾ ਨਾਲ ਪੰਜਾਬ ਦੀ ਆਵਾਜ਼ ‘ਅਜੀਤ’ ਅਖ਼ਬਾਰ ਖ਼ਿਲਾਫ਼ ਨਿੱਜੀ ਰੰਜਸ਼ ਦੇ ਚੱਲਦਿਆਂ ਪਹਿਲਾ ਅਖ਼ਬਾਰ ਦੇ ਸਰਕਾਰੀ ਇਸ਼ਤਿਹਾਰ ਬੰਦ ਕਰ ਕੇ ਆਰਥਿਕ ਸੱਟ ਮਾਰਨ ਦੇ ਕੋਝੇ ਯਤਨ ਕੀਤੇ ਗਏ ਪਰ ਲੋਕਾਂ ਦੀ ਹਰਮਨ ਪਿਆਰਤਾ ਕਰ ਕੇ ਪੰਜਾਬ ਸਰਕਾਰ ਨੂੰ ਮੂੰਹ ਦੀ ਖਾਣੀ ਪਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਖ਼ਬਾਰ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਸ਼ਖ਼ਸੀਅਤ ਨੂੰ ਬਦਨੀਤੀ ਨਾਲ ਢਾਹ ਲਗਾਉਣ ਦੇ ਮਕਸਦ ਨਾਲ ਵਿਜੀਲੈਂਸ ਤੋਂ ਸੰਮਨ ਕਰਵਾ ਦਿੱਤੇ ਗਏ | ਉਨ੍ਹਾਂ ਕਿਹਾ ਕਿ ਸੱਚੀ ਸੁੱਚੀ ਸ਼ਖ਼ਸੀਅਤ ਦੇ ਅਕਸ ਨੂੰ ਵਿਗਾੜਨ ਦੇ ਨਾਲ ਹੀ ਜੰਗ-ਏ-ਆਜਾਦੀ ਯਾਦਗਾਰ ‘ਚ ਵਿਜੀਲੈਂਸ ਅਤੇ ਪੁਲਿਸ ਦੀਆਂ ਧਾੜਾਂ ਭੇਜ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਗਿਆ ਹੈ, ਨੂੰ ਕਿਸੇ ਵੀ ਕੀਮਤ ‘ਤੇ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ | ਆਗੂਆਂ ਨੇ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਉਹ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਾ ਆਏ ਤਾਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ , ਸ਼੍ਰੋਮਣੀ ਅਕਾਲੀ ਦਲ (ਸ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਜੈਨ, ਸੰਵਿਧਾਨ ਬਚਾਉ ਮੰਚ ਦੇ ਆਗੂ ਗੁਰਲਾਭ ਸਿੰਘ ਮਾਹਲ ਐਡੋਵਕੇਟ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੂਬਾਈ ਆਗੂ ਗੁਰਸੇਵਕ ਸਿੰਘ ਜਵਾਹਰਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਪ੍ਰਧਾਨ ਬੋਘ ਸਿੰਘ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਉਂ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਕੇ.ਐਸ. ਮਠਾੜੂ ਨੇ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਤੇ ਅਦਾਰਾ ਅਜੀਤ ਦੀ ਪੰਜਾਬ ਤੇ ਪੰਜਾਬੀਆਂ ਨੂੰ ਵੱਡੀ ਦੇਣ ਹੈ, ਨੂੰ ਕਿਸੇ ਵੀ ਪ੍ਰਕਾਰ ਦੀ ਆਚ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਵਲੋਂ ਲੋਕ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਅਹਿਦ ਕੀਤਾ ਕਿ ਪੰਜਾਬ ਸਰਕਾਰ ਦੀਆਂ ਅਜਿਹੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਿਆ ਜਾਵੇਗਾ |

ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ,ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਕਾਂਗਰਸ ਆਗੂ ਗੁਰਪ੍ਰੀਤ ਸਿੰਘ ਵਿੱਕੀ, ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਲੋਕ ਇਨਸਾਫ਼ ਪਾਰਟੀ ਦੇ ਮਨਜੀਤ ਸਿੰਘ ਮੀਆਂ, ਭਾਕਿਯੂ (ਡਕੌਂਦਾ ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ, ਭਾਕਿਯੂ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ, ਵਾਇਸ ਆਫ਼ ਮਾਨਸਾ ਦੇ ਡਾ. ਲਖਵਿੰਦਰ ਸਿੰਘ ਮੂਸਾ, ਪ੍ਰਾਪਰਟੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸ਼ਰਮਾ, ਬਾਰ ਐਸੋਸੀਏਸ਼ਨ ਦੇ ਸਿਮਰਜੀਤ ਸਿੰਘ ਮਾਨਸ਼ਾਹੀਆ, ਅਦਬ ਲੋਕ ਦੇ ਪ੍ਰਧਾਨ ਐਡਵੋਕੇਟ ਬਲਵੰਤ ਭਾਟੀਆ, ਐਡਵੋਕੇਟ ਭੁਪਿੰਦਰ ਸਿੰਘ ਬੀਰਵਾਲ , ਨੇ ਸੰਬੋਧਨ ਕਰਦਿਆਂ ਡਾ. ਹਮਦਰਦ ਤੇ ਅਜੀਤ ਨਾਲ ਡਟ ਕੇ ਖੜਨ ਦਾ ਐਲਾਨ ਕੀਤਾ | ਅਜੀਤ ਉਪ ਦਫ਼ਤਰ ਦੇ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ ਤੇ ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਸਭਨਾਂ ਦਾ ਧੰਨਵਾਦ ਕੀਤਾ |

NO COMMENTS