ਮਾਨਸਾ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲਿਆ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ

0
20

ਮਾਨਸਾ, 06 ਨਵੰਬਰ(ਸਾਰਾ ਯਹਾ / ਮੁੱਖ ਸੰਪਾਦਕ)   : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਈ-ਆਫ਼ਿਸ ਰਾਹੀਂ ਪ੍ਰਾਪਤ ਫਾਇਲਾਂ ਦਾ ਸਮਾਂ ਰਹਿੰਦਿਆਂ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਜੋ ਵੀ ਕੇਸ ਸਾਹਮਣੇ ਆਉਂਦੇ ਹਨ ਅਤੇ ਉਨ੍ਹਾਂ ਦੇ ਚਲਾਨ ਕੱਟੇ ਜਾਣ ਅਤੇ ਸ਼ਨਾਖ਼ਤ ਹੋਣ ਵਾਲੀਆਂ ਜ਼ਮੀਨਾਂ ’ਤੇ ਰੈਡ ਐਂਟਰੀ ਪਾਈ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਜਿਸ ਪਰਾਲੀ ਨੂੰ ਅੱਗ ਲੱਗਣ ਵਾਲੇ ਜਿਸ ਖੇਤ ਦਾ ਦੌਰਾ ਕਰਦੇ ਹਨ, ਉਹ ਅਗਲੇ ਦਿਨ ਦੁਬਾਰਾ ਉਸ ਜਗ੍ਹਾਂ ਦਾ ਦੌਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਖੇਤਾਂ ਦੇ ਚਲਾਨ ਕੱਟ ਕੇ ਪ੍ਰਦੂਸ਼ਨ ਕੰਟਰੋਲ ਬੋਰਡ ਨੂੰ ਤੁਰੰਤ ਭੇਜੇ ਜਾਣ।
ਜ਼ਿਲ੍ਹੇ ਅੰਦਰ ਚੱਲ ਰਹੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਸਾਹਮਣੇ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖਰੀਦੀ ਫਸਲ ਦੀ ਨਾਲੋਂ ਨਾਲ ਲਿਫਟਿੰਗ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਫੂਡ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕੋਈ ਵੀ ਦਿੱਕਤ ਪੇਸ਼ ਨਹੀਂ ਆਵੇਗੀ ਅਤੇ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here