ਮਾਨਸਾ, 12 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਨੂੰ ਜਨਮ ਅਸ਼ਟਮੀ ਅਤੇ ਕੌਮਾਂਤਰੀ ਯੁਵਕ ਦਿਵਸ ਦੇ ਮੌਕੇ ਉਤੇ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੀ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਸੰਦਰਭ ਵਿੱਚ ਅੱਜ ਮਾਨਸਾ ਵਿਖੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਸਮਾਰਟ ਫੋਨ ਦੇਣ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਡਿਜ਼ੀਟਲ ਪਹੁੰਚ, ਹੁਨਰ ਵਿਕਾਸ, ਤਕਨੀਕੀ ਜਾਣਕਾਰੀ, ਆਨਲਾਈਨ ਸਿੱਖਿਆ ਪ੍ਰਣਾਲੀ ਨਾਲ ਜੋੜਨਾ, ਭਵਿੱਖ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣੇ ਅਤੇ ਸਮੇਂ ਸਮੇਂ ਉਤੇ ਸਰਕਾਰੀ ਸੇਵਾਵਾਂ ਬਾਰੇ ਜਾਣਕਾਰੀ ਉਪਲਬਧ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਇਸ ਯੋਜਨਾ ਦੇ ਤਹਿਤ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿੱਚ ਪੜ੍ਹਦੇ 1 ਲੱਖ 73 ਹਜ਼ਾਰ 823 ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ ਜਿਨ੍ਹਾਂ ਵਿੱਚੋਂ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸਕੂਲਾਂ ਵਿਖੇ 12ਵੀਂ ਜਮਾਤ ਵਿੱਚ ਪੜ੍ਹਦੇ ਕੁਲ 6231 ਵਿਦਿਆਰਥੀਆਂ ਨੂੰ ਇਸ ਯੋਜਨਾ ਦੇ ਦਾਇਰੇ ਅਧੀਨ ਲਿਆਂਦੇ ਹੋਏ ਮੁਫ਼ਤ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਰਟ ਫੋਨ ਮੌਜੂਦਾ ਕੋਵਿਡ ਸੰਕਟ ਦੇ ਦੌਰ ਵਿੱਚ ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਤੱਕ ਸੌਖਾਲੀ ਪਹੁੰਚ ਬਣਾ ਕੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਜ਼ਰੀਆ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਮਾਨਸਾ ਜ਼ਿਲ੍ਹੇ ਦੀਆਂ 3088 ਵਿਦਿਆਰਥਣਾਂ ਅਤੇ 3143 ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਇਨ੍ਹਾਂ ਸਮਾਰਟ ਫੋਨਾਂ ਵਿੱਚ ਐਮ ਸੇਵਾ ਅਤੇ ਕੈਪਟਨ ਕੰਟੈਕਟ ਐਪ ਪਹਿਲਾਂ ਤੋਂ ਹੀ ਇੰਸਟਾਲ ਹਨ ਜਿਨ੍ਹਾਂ ਨਾਲ ਵਿਦਿਆਰਥੀਆਂ ਨੂੰ ਮਹੱਤਵਪੂਰਨ ਫਾਇਦਾ ਹੋਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਸਮੇਤ ਹੋਰ ਸ਼ਖਸ਼ੀਅਤਾਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਰਸਮੀ ਤੌਰ ਉਤੇ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ।ਇਸ ਮੌਕੇ ਪੰਜਾਬ ਸਰਕਾਰ ਵਿਸ਼ੇਸ਼ ਕਰਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਘਰੇਲੂ ਵਿੱਤੀ ਮਜ਼ਬੂਰੀਆਂ ਕਾਰਨ ਸਮਾਰਟ ਫੋਨ ਖਰੀਦਣ ਤੋਂ ਅਸਮਰੱਥ ਸਨ ਪਰ ਸਰਕਾਰ ਦੀ ਇਸ ਪਹਿਲ ਨੇ ਉਨ੍ਹਾਂ ਦੀ ਸਿੱਖਿਆ ਹਾਸਲ ਕਰਨ ਦੀ ਇੱਛਾ ਨੂੰ ਨਵੀਂ ਸੇਧ ਪ੍ਰਦਾਨ ਕੀਤੀ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਅੱਜ ਰਸਮੀ ਤੌਰ ਉਤੇ ਕੀਤੀ ਗਈ ਸ਼ੁਰੂਆਤ ਤੋਂ ਬਾਅਦ ਹੁਣ ਆਉਂਦੇ ਕੁਝ ਦਿਨਾਂ ਵਿੱਚ ਬਾਰਵੀਂ ਦੇ ਸਮੂਹ ਵਿਦਿਆਰਥੀਆਂ ਨੂੰ ਮੋਬਾਇਲ ਫੋਨਾਂ ਦੀ ਵੰਡ ਕਰ ਦਿੱਤੀ ਜਾਵੇਗੀ।=ਅਲਤਬਸ
ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਕਾਂਗਰਸੀ ਆਗੂ ਡਾ. ਮੰਜੂ ਬਾਂਸਲ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਚੁਸ਼ਪਿੰਦਰਬੀਰ ਚਹਿਲ, ਅਰਸ਼ਦੀਪ ਗਾਗੋਵਾਲ, ਗੁਰਪ੍ਰੀਤ ਕੌਰ ਗਾਗੋਵਾਲ ਮੈਂਬਰ ਜ਼ਿਲ੍ਹਾ ਪਰਿਸ਼ਦ, ਬਲਵਿੰਦਰ ਨਾਰੰਗ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਕੁਲਵੰਤ ਰਾਏ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਸਰਬਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਸਮੇਤ ਹੋਰ ਅਧਿਕਾਰੀ, ਆਗੂ ਤੇ ਸਕੂਲੀ ਵਿਦਿਆਰਥੀ ਵੀ ਹਾਜ਼ਰ ਸਨ।
ਕੈਪਸ਼ਨ:
ਮਾਨਸਾ ਵਿਖੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸਮਾਰਟ ਫੋਨਾਂ ਦੀ ਵੰਡ ਕਰਦੇ ਹੋਏ।