*ਮਾਨਸਾ ਵਿਖੇ ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ ਮੌਕੇ ‘ਉਡਾਣ ਯੋਜਨਾ’ ਦੀ ਸ਼ੁਰੂਆਤ*

0
14

ਮਾਨਸਾ, 28 ਮਈ(ਸਾਰਾ ਯਹਾਂ/ਜੋਨੀ ਜਿੰਦਲ) : ਅੱਜ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਸੂਬੇ ਵਿੱਚ ਮਹਿਲਾ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਮਹਿਲਾਵਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਪ੍ਰੋਜੈਕਟ ਦੇ ਰਸਮੀ ਆਗਾਜ਼ ਸਬੰਧੀ ਹੋਈ ਵੀਡੀਓ ਕਾਨਫ਼ਰੰਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਸਹਾਇਕ ਕਮਿਸ਼ਨਰ ਸ੍ਰੀਮਤੀ ਬਲਜੀਤ ਕੌਰ ਨੇ ਹਿੱਸਾ ਲਿਆ।ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਇਸ ਮੁਹਿੰਮ ਦਾ ਆਗਾਜ਼ ਕੀਤਾ।
ਕਾਨਫਰੰਸ ਤੋਂ ਬਾਅਦ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 840 ਆਂਗਣਵਾੜੀ ਸੈਂਟਰ ਚੱਲ ਰਹੇ ਹਨ ਜਿਨ੍ਹਾਂ ਰਾਹੀਂ ਜਿਥੇ ਜ਼ਿਲ੍ਹੇ ਦੀਆਂ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਉਥੇ ਹੀ ਹੁਣ ਉਡਾਣ ਯੋਜਨਾ ਤਹਿਤ ਹਰੇਕ ਆਂਗਣਵਾੜੀ ਵੱਲੋਂ 50 ਲੜਕੀਆਂ ਅਤੇ ਔਰਤਾਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ।  
ਉਨ੍ਹਾਂ ਨੇ ਦੱਸਿਆ ਕਿ ਮਾਂਹਵਾਰੀ ਦੌਰਾਨ ਸਾਰੀਆਂ ਲੜਕੀਆਂ ਲਈ ਸੈਨੇਟਰੀ ਪੈਡ ਖਰੀਦਣੇ ਸੰਭਵ ਨਹੀਂ ਹੁੰਦੇ, ਇਸ ਲਈ ਉਨ੍ਹਾਂ ਨੂੰ ਘਰੇਲੂ ਤਰੀਕੇ ਅਪਣਾਉਣੇ ਪੈਂਦੇ ਹਨ। ਇਸ ਕਾਰਨ ਉਨ੍ਹਾਂ ਦਾ ਆਤਮ ਵਿਸ਼ਵਾਸ ਵੀ ਘਟਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਸਕੀਮ ਸ਼ੁਰੂ ਕਰਨ ਨਾਲ ਜਿੱਥੇ ਲੜਕੀਆਂ ਦੀ ਸਿਹਤ ਠੀਕ ਰਹੇਗੀ, ਉੱਥੇ ਹੀ ਉਨ੍ਹਾਂ ਦਾ ਆਤਮ ਵਿਸ਼ਵਾਸ ਵੀ ਵਧੇਗਾ ਅਤੇ ਪੜ੍ਹਾਈ ਦਾ ਨੁਕਸਾਨ ਵੀ ਨਹੀਂ ਹੋਵੇਗਾ।
ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੀਆਂ ਲੜਕੀਆਂ ਨੂੰ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਂਦੇ ਸਨ ਪ੍ਰੰਤੂ ਸਰਕਾਰ ਵੱਲੋਂ ਨਵੀਂ ਸ਼ੁਰੂ ਕੀਤੀ ਉਡਾਣ ਸਕੀਮ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ, ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਲਾਭਪਾਤਰੀਆਂ ਦੀ ਗਿਣਤੀ ਅਤੇ ਸੈਨੇਟਰੀ ਪੈਡਾਂ ਦੀ ਲੋੜ ਸਬੰਧੀ ਇਕ ਡੇਟਾ ਬੈਂਕ ਬਣਾਏਗਾ ਤਾਂ ਜੋ ਆਂਗਨਵਾੜੀ ਕੇਂਦਰਾਂ ਵੱਲੋਂ ਲਾਭਪਾਤਰੀਆਂ ਦੀ ਲੋੜ ਅਨੁਸਾਰ ਸੈਨੇਟਰੀ ਪੈਡਾਂ ਦੀ ਵੰਡ ਕੀਤੀ ਜਾ ਸਕੇ, ਇਸ ਦੇ ਨਾਲ ਹੀ ਯੋਜਨਾ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਸ ਦਾ ਲਾਭ ਹਰੇਕ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ
ਹਰੇਕ ਆਂਗਣਵਾੜੀ ਕੇਂਦਰ ਰਾਹੀਂ ਲਗਭਗ 50 ਲਾਭਪਾਤਰੀਆਂ ਨੂੰ ਕਵਰ ਕੀਤਾ ਜਾਵੇਗਾ। ਇਸ ਮੌਕੇ ਸੀ.ਡੀ.ਪੀ.ਓ ਕੰਵਰ ਐਸ ਸਿੰਘ ਬੰਗੜ ਵੀ ਮੌਜੂਦ ਸਨ।

NO COMMENTS