ਮਾਨਸਾ, 7 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤੇ ਕੋਰੋਨਾ ਪਾਜੀਟਿਵ ਮਰੀਜ਼ਾਂ ਵਿੱਚੋਂ ਅੱਜ ਇਕ ਹੋਰ ਮਰੀਜ ਦੀ ਰਿਪੋਰਟ ਨੈਗੇਟਿਵ ਆਉਣ ’ਤੇ ਸਿਵਲ ਹਸਪਤਾਲ ਮਾਨਸਾ ਤੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਪਿਛਲੇ 29 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੇ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ 13 ਸਾਲਾ ਬੱਚੇ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਸਿਵਲ ਸਰਜਨ ਡਾ. ਠਕਰਾਲ ਨੇ ਦੱਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਇਸ ਕੋਰੋਨਾ ਮਰੀਜ ਦੇ 7 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ, ਜਿਸ ਤੋਂ ਬਾਅਦ 9 ਅਪ੍ਰੈਲ ਨੂੰ ਇਸਦਾ ਸੈਂਪਲ ਪਾਜੀਟਿਵ ਆਉਣ ’ਤੇ ਇਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ।
ਸਿਵਲ ਸਰਜਨ ਨੇ ਦੱਸਿਆ ਕਿ ਕੱਲ ਦੋ ਕੋਰੋਨਾ ਪਾਜੀਟਿਵ ਵਿਅਕਤੀ 24 ਸਾਲਾ ਪਿੰਡ ਬੁਰਜ ਰਾਠੀ ਅਤੇ 40 ਸਾਲਾ ਔਰਤ ਪਿੰਡ ਰਣਜੀਤਗੜ੍ਹ ਬਾਂਦਰਾ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ। ਹੁਣ ਮਾਨਸਾ ਵਿੱਚ 14 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ, ਜਿੰਨ੍ਹਾ ਦਾ ਮਾਹਿਰ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ ਆਪਣਾ ਇਲਾਜ ਅਤੇ ਇਕਾਂਤਵਾਸ ਵਿੱਚ ਰਹਿ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਲਾਕਡਾਊਨ ਦੌਰਾਨ ਪ੍ਰਸਾਸਨ ਦਾ ਸਹਿਯੋਗ ਕਰਨ, ਘਰਾਂ ਤੋਂ ਬਾਹਰ ਨਾ ਨਿਕਲਣ, ਸਿਰਫ ਜਰੂਰੀ ਕੰਮ ਲਈ ਹੀ ਆਪਣੇ ਘਰ ਤੋਂ ਬਾਹਰ ਜਾਇਆ ਜਾਵੇ, ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ ਅਤੇ ਸੁੱਕੀ ਖੰਘ, ਜੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ ਹੋਣ ’ਤੇ ਆਪਣੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਸਰਕਾਰ ਦੁਆਰਾ ਸਿਹਤ ਸੇਵਾਵਾਂ ਲਈ ਚਲਾਈ ਗਈ ਈ-ਸੰਜੀਵਨੀ ਆਨ-ਲਾਈਨ ਓ.ਪੀ.ਡੀ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਮੋਫਰ, ਡਾ. ਸੀਨੀਅਰ ਮੈਡੀਕਲ ਅਫ਼ਸਰ ਮਾਨਸਾ ਡਾ. ਅਸ਼ੋਕ ਕੁਮਾਰ, ਡਾ. ਸੁਨੀਲ ਬਾਂਸਲ, ਡਾ.ਪੰਕਜਗਰਗ ਅਤੇ ਸਟਾਫ ਹਾਜਰ ਸਨ।