ਮਾਨਸਾ ਵਿਖੇ 8 ਜਣੇ ਕੋਵਿਡ ਕੇਅਰ ਸੈਂਟਰ ਤੋਂ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ

0
129

ਮਾਨਸਾ, 02 ਅਗਸਤ(ਸਾਰਾ ਯਹਾ, ਬਲਜੀਤ ਸ਼ਰਮਾ)  : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਵਿਖੇ ਕੋਰੋਨਾ ਪਾਜ਼ਿਟੀਵ ਵਿਅਕਤੀ ਇਲਾਜ਼ ਤੋਂ ਬਾਅਦ ਅੱਜ 8 ਕੋਰੋਨਾ ਪਾਜ਼ਿਟੀਵ ਵਿਅਕਤੀ ਸਿਹਤਯਾਬ ਹੋਣ ਉਪਰੰਤ ਘਰ ਨੂੰ ਪਰਤ ਗਏ ਹਨ, ਜਿਨ੍ਹਾਂ ਵਿੱਚ ਇੱਕ 8 ਸਾਲ ਦਾ ਛੋਟਾ ਬੱਚਾ ਵੀ ਸ਼ਾਮਿਲ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 127 ਕੋਰੋਨਾ ਪਾਜ਼ਿਟੀਵ ਕੇਸ ਸਨ, ਜਿਨ੍ਹਾਂ ਵਿੱਚੋਂ 90 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ ਅਤੇ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦੇ 37 ਅਕੈਟਿਵ ਮਰੀਜ਼ ਹਨ, ਜਿਨ੍ਹਾ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ਼ ਚੱਲ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੋਰੋਨਾ ਦੀ ਬਿਮਾਰੀ ਤੋਂ ਲੋਕਾਂ ਨੂੰ ਬਚਾਈ ਰੱਖਣ ਜੰਗੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਇਨ੍ਹਾਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦਾ ਮੈਡੀਕਲ ਮੁਆਇਨਾ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲ੍ਹਾ ਸੈਂਪਲਿੰਗ ਟੀਮ ਵੱਲੋਂ ਕੋਰੋਨਾ ਦੇ ਸ਼ੱਕੀ ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 18 ਹਜ਼ਾਰ ਤੋਂ ਵੀ ਵਧੇਰੇ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਭਾਰਤ ਦੇ ਨਾਲ-ਨਾਲ ਸਮੂਹ ਵਿਸ਼ਵ ਦੇ ਵਿਗਿਆਨੀਆਂ ਵੱਲੋਂ ਖੋਜਾਂ ਕੀਤੀਆਂ ਜਾ ਰਹੀਆਂ ਹਨ ਪਰ ਜਦੋਂ ਤੱਕ ਇਸ ਦੇ ਇਲਾਜ਼ ਲਈ ਦਵਾਈ ਤਿਆਰ ਨਹੀਂ ਹੁੰਦੀ ਉਦੋਂ ਤੱਕ ਸਰਕਾਰ ਵੱਲੋਂ ਦੱਸੀਆਂ ਜਾਂਦੀਆਂ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਹੀ ਇਸ ਮਹਾਂਮਾਰੀ ਤੋਂ ਖੁਦ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ, ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਦਰਮਿਆਨ ਨਿਰਧਾਰਤ ਦੂਰੀ ਬਣਾਏ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਜਾਂ ਸੈਨੇਟਾਈਜ਼ਰ ਨਾਲ ਧੋਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਲ-ਸਬਜ਼ੀਆਂ ਨੂੰ ਵਰਤੋਂ ਵਿੱਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ।

NO COMMENTS