
ਮਾਨਸਾ, 04 ਮਈ ( ਸਾਰਾ ਯਹਾ,ਬਲਜੀਤ ਸ਼ਰਮਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਬਾਹਰਲੇ ਰਾਜਾਂ ਦੇ ਕਈ ਵਿਅਕਤੀ ਮਾਨਸਾ ਜ਼ਿਲ੍ਹੇ ਵਿੱਚ ਫਸੇ ਹੋਏ ਸਨ ਅਤੇ ਆਪਣੇ ਘਰ ਜਾਣ ਦੇ ਇੱਛੁਕ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਵਿਅਕਤੀਆਂ ਲਈ ਇਕ ਵੈਬ ਪੋਰਟਲ www.covidhelp.punjab.gov.in ਜਾਰੀ ਕੀਤਾ ਗਿਆ ਹੈ, ਜਿਸ ‘ਤੇ ਉਹ ਆਪਣਾ ਵੇਰਵਾ ਪ੍ਰੋਫਾਰਮੇ ਵਿਚ ਭਰ ਸਕਦੇ ਸਨ।
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਸਬੰਧੀ 3 ਹਜ਼ਾਰ ਤੋਂ ਵੀ ਵੱਧ ਵਿਅਕਤੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਦੇ ਮੋਬਾਇਲ ‘ਤੇ ਸਕਰੀਨਿੰਗ ਲਈ ਮੈਸੇਜ਼ ਭੇਜਿਆ ਗਿਆ ਸੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਵਾਪਸ ਇਨ੍ਹਾਂ ਦੇ ਸੂਬਿਆਂ ਵਿੱਚ ਭੇਜਣ ਤੋਂ ਪਹਿਲਾਂ ਅੱਜ ਇਨ੍ਹਾਂ ਦੀ ਜ਼ਿਲ੍ਹੇ ਦੀਆਂ ਤਿੰਨੋ ਸਬ-ਡਵੀਜ਼ਨਾਂ ਵਿੱਚ ਮੈਡੀਕਲ ਸਕਰੀਨਿੰਗ ਕਰਵਾਈ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਹ ਸਮੁੱਚੀ ਪ੍ਰਕ੍ਰਿਆ ਲਈ ਮਾਨਸਾ ਸਬ-ਡਵੀਜ਼ਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸ.ਡੀ.ਐਮ. ਸ਼੍ਰੀ ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸ.ਡੀ.ਐਮ. ਸ਼੍ਰੀ ਰਾਜਪਾਲ ਸਿੰਘ ਦੀ ਅਗਵਾਈ ਵਿੱਚ ਮੁਕੰਮਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਦੀ ਸਕਰੀਨਿੰਗ ਕਰਨ ਲਈ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ।
ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਮੈਡੀਕਲ ਸਕਰੀਨਿੰਗ ਦੌਰਾਨ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ 14 ਮੈਡੀਕਲ ਟੀਮਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਵਿੱਚ ਮਾਨਸਾ ਸਬ-ਡਵੀਜ਼ਨ ਵਿਖੇ 6, ਬੁਢਲਾਡਾ ਸਬ-ਡਵੀਜ਼ਨ ਵਿਖੇ 4 ਅਤੇ ਸਰਦੂਲਗੜ੍ਹ ਸਬ-ਡਵੀਜ਼ਨ ਵਿਖੇ 4 ਟੀਮਾਂ ਲਗਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਹਰੇਕ ਟੀਮ ਵਿੱਚ ਇਕ ਮੈਡੀਕਲ ਅਫ਼ਸਰ, ਕਮਿਊਨਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਫੀਮੇਲ, ਆਸ਼ਾ ਫੈਸਿਲੀਟੇਟਰ ਅਤੇ ਆਸਾ ਵਰਕਰ ਸ਼ਾਮਿਲ ਸਨ।
ਸਹਾਇਕ ਕਮਿਸ਼ਨਰ ਸ਼੍ਰੀ ਨਵਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਪਤ ਹੋਈਆਂ ਦਰਖ਼ਾਸਤਾਂ ਵਿੱਚੋਂ ਅੱਜ ਜ਼ਿਲ੍ਹੇ ਦੀਆਂ ਤਿੰਨੋਂ ਸਬ-ਡਵੀਜ਼ਨਾਂ ਵਿਖੇ 2683 ਵਿਅਕਤੀਆਂ ਵੱਲੋਂ ਪਹੁੰਚ ਕੀਤੀ ਗਈ, ਜਿਸ ਵਿੱਚ ਮਾਨਸਾ ਵਿਖੇ 1909, ਬੁਢਲਾਡਾ ਵਿਖੇ 399 ਅਤੇ ਸਰਦੂਲਗੜ੍ਹ ਵਿਖੇ 375 ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਸਕਰੀਨਿੰਗ ਮਾਨਸਾ ਦੇ ਸਰਕਾਰੀ ਨਹਿਰੂ ਕਾਲਜ, ਗੁਰੂ ਨਾਨਕ ਕਾਲਜ ਬੁਢਲਾਡਾ ਅਤੇ ਭਾਰਤ ਗੁਰੱਪ ਆਫ਼ ਕਾਲਜਿਜ਼ ਖੈਰਾ ਖੁਰਦ (ਸਰਦੂਲਗੜ੍ਹ) ਵਿਖੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਕਰੀਨਿੰਗ ਹੋਣ ਤੋਂ ਬਾਅਦ ਮੈਡੀਕਲ ਟੀਮ ਵੱਲੋਂ ਸਬੰਧਤ ਵਿਅਕਤੀ ਨੂੰ ਇੱਕ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਈਕ-ਸਪੀਕਰ ਰਾਹੀਂ ਪਹੁੰਚੇ ਵਿਅਕਤੀਆਂ ਨੂੰ ਗਾਈਡ ਵੀ ਕੀਤਾ ਜਾਂਦਾ ਰਿਹਾ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਸ ਕਾਰਜ ਨੂੰ ਸਫਲਤਾ ਪੂਰਵਕ ਮੁਕੰਮਲ ਕਰਨ ਲਈ ਸਿੱਖਿਆ ਵਿਭਾਗ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੁਮਾਇੰਦਿਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਫਾਰਮ ਭਰੇ ਗਏ ਅਤੇ ਕੰਪਿਊਟਰ ਵਿੱਚ ਐਂਟਰੀਆਂ ਪਾਈਆਂ ਗਈਆਂ।
ਇਸ ਮੌਕੇ ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਸ਼੍ਰੀ ਨਵਜੋਤਪਾਲ ਸਿੰਘ ਭੁੱਲਰ, ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ਼੍ਰੀ ਨਰਿੰਦਰ ਸਿੰਘ ਮੋਹਲ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਸ਼੍ਰੀ ਹਰਦੀਪ ਸਿੰਘ ਸਿੱਧੂ, ਬੀ.ਈ.ਈ. ਸ਼੍ਰੀ ਕੇਵਲ ਸਿੰਘ, ਜੇ.ਏ. ਸ੍ਰੀ ਸੰਦੀਪ ਸਿੰਘ ਮੌਜੂਦ ਸਨ।
