ਮਾਨਸਾ, 27 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ‘ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਵਿਅਕਤੀਆਂ ਦੀ ਯਾਦ ਵਿੱਚ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ, ਜੋ ਕਿ ਕੋਵਿਡ ਮਹਾਂਮਾਰੀ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸਿੱਧੂ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਪਾਸਾਰ ਨੂ ੰਰੋਕਣ ਲਈ ਹਰੇਕ ਨਾਗਰਿਕ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ ਅਤੇ ਕੋਰੋਨਾ ਜਾਂਚ ਟੈਸਟ ਅਤੇ ਵੈਕਸੀਨੇਸ਼ਨ ਕਰਵਾ ਕੇ ਖੁਦ, ਆਪਣੇ ਪਰਿਵਾਰਾਂ ਤੇ ਆਲੇ ਦੁਆਲੇ ਵਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਵੇਗਾ।
ਸ਼੍ਰੀ ਸਿੱਧੂ ਨੇ ਕਿਹਾ ਕਿ ਮਾਸਕ ਪਾ ਕੇ ਰੱਖਣਾ, ਵਾਰ ਵਾਰ ਆਪਣੇ ਹੱਥ ਸਾਬਣ ਨਾਲ ਧੋਂਦੇ ਰਹਿਣਾ ਅਤੇ ਸਮਾਜਿਕ ਦੂਰੀ ਸਬੰਧੀ ਨਿਯਮਾਂ ਦੀ ਪਾਲਣਾ ਨਾਲ ਇਸ ਵਾਇਰਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਦੇ ਰਹਿਣ ਦੀ ਲੋੜ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਸਰਬਤ ਦੇ ਭਲੇ ਲਈ ਸਵੈ ਇੱਛਾ ਨਾਲ ਅੱਗੇ ਆਉਣ ਅਤੇ ਆਪਣੇ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਆਪਾਂ ਸਾਰੇ ਚੌਕਸੀ ਵਰਤਦੇ ਹੋਏ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਕੇ ਹੀ ਕੋਰੋਨਾ ਨੂੰ ਹਰਾ ਕੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰ ਸਕਦੇ ਹਾਂ।
ਇਸ ਦੌਰਾਨ ਜ਼ਿਲ੍ਹੇ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਸੜਕੀ ਆਵਾਜਾਈ ਨੂੰ ਬੰਦ ਰੱਖਿਆ ਗਿਆ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਹਰ ਸ਼ਨੀਵਾਰ ਸਵੇਰੇ 11 ਵਜੇ ਤੋਂ 12 ਵਜੇ ਤੱਕ ਸੜਕੀ ਆਵਾਜਾਈ ਤੋਂ ਗੁਰੇਜ਼ ਕਰਨ ਨੂੰ ਤਰਜੀਹ ਦਿੱਤੀ ਜਾਵੇ।