ਮਾਨਸਾ ਵਿੱਚ ਤਿਓਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ

0
33

ਮਾਨਸਾ, 13 ਅਕਤੂਬਰ  (ਸਾਰਾ ਯਹਾ / ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਚੌਕਸੀ ਵਿੱਚ ਵਾਧਾ ਕਰਦਿਆਂ ਖਾਣ ਪੀਣ ਵਾਲੇ ਪਦਾਰਥਾਂ ਦੀ ਜਾਂਚ ਪੜਤਾਲ ਪ੍ਰਕਿਰਿਆ ਵਧਾਈ ਜਾਵੇ ਤਾਂ ਜੋ ਕੋਈ ਵੀ ਵਪਾਰੀ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਹਿੱਤ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ। ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹੁਣ ਤੱਕ ਕੀਤੇ ਕਾਰਜਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸਿਹਤ ਅਤੇ ਸਿੱਖਿਆ ਵੱਲ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਹ ਗੱਲ ਦੀ ਬਿਲਕੁਲ ਵੀ ਆਗਿਆ ਨਹੀਂ ਦਿੱਤੀ ਜਾਵੇਗੀ ਕਿ ਉਹ ਖਾਣ ਪੀਣਯੋਗ ਵਸਤਾਂ ਵਿੱਚ ਮਿਲਾਵਟਖੋਰੀ ਕਰੇ ਅਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਸਤਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣ ਅਤੇ ਸੈਂਪਲ ਫੇਲ੍ਹ ਪਾਏ ਜਾਣ ’ਤੇ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਹਦਾਇਤ ਵੀ ਕੀਤੀ ਕਿ ਕੋਵਿਡ-19 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਜਾਰੀ ਰੱਖਿਆ ਜਾਵੇ ਅਤੇ ਲੋਕਾਂ ਵਿੱਚ ਵੀ ਇਸ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਨੂੰ ਮੱਠਾ ਨਾ ਪੈਣ ਦਿੱਤਾ ਜਾਵੇ ਕਿਉਂਕਿ ਮਾਸਕ ਨਾ ਪਹਿਨਣ ਕਾਰਨ ਇਹ ਵਾਇਰਸ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਮਿਲਾਵਟ ਖੋਰੀ ਨੂੰ ਠੱਲ੍ਹ ਪਾਉਣ ਲਈ ਯੋਜਨਾਬੱਧ ਢੰਗ ਨਾਲ ਕਦਮ ਪੁੱਟੇ ਜਾਣ ਅਤੇ ਦਿਹਾਤੀ ਤੇ ਸ਼ਹਿਰੀ ਖੇਤਰਾਂ ਵਿੱਚ ਚੌਕਸੀ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਰੱਖਿਆ ਜਾਵੇ ਅਤੇ ਛਾਪਾਮਾਰੀ ਕੀਤੀ ਜਾਵੇ ਤਾਂ ਜੋ ਮਿਠਾਈਆਂ, ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਆਦਿ ਵਿੱਚ ਮਿਲਾਵਟ ਖੋਰੀ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਵਿਭਾਗੀ ਨੁਮਾਇੰਦਿਆਂ ਨੇ ਦੱਸਿਆ ਕਿ ਲਾਇਸੰਸੀ ਦੁਕਾਨਦਾਰਾਂ ਨੂੰ ਆਨਲਾਈਨ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਦੁਕਾਨਾਂ ’ਤੇ ਵੀ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। 

NO COMMENTS