
ਮਾਨਸਾ, 24 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਮਗਨਰੇਗਾ ਸਕੀਮ ਅਧੀਨ ਵਿੱਤੀ ਸਾਲ 2020-21 ਦੌਰਾਨ ਜ਼ਿਲ੍ਹੇ ਵਿੱਚ ਪਾਰਕਾਂ ਦੀ ਉਸਾਰੀ ਦੇ ਕੰਮ ਪਹਿਲ ਦੇ ਆਧਾਰ ‘ਤੇ ਲਏ ਜਾਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਚੰਗੀ ਸਿਹਤ ਲਈ ਪਿੰਡਾਂ ਵਿੱਚ ਵੱਧ ਤੋਂ ਵੱਧ ਕੰਮ ਪਾਰਕਾਂ ਦੀ ਉਸਾਰੀ ਦੇ ਲਏ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ (ਬਲਾਕ ਭੀਖੀ ਵਿੱਚ 10, ਬਲਾਕ ਬੁਢਲਾਡਾ ਵਿੱਚ 24, ਬਲਾਕ ਝੂਨੀਰ ਵਿੱਚ 16, ਬਲਾਕ ਮਾਨਸਾ ਵਿੱਚ 12 ਅਤੇ ਬਲਾਕ ਸਰਦੂਲਗੜ ਵਿੱਚ 15) ਕੁੱਲ 77 ਪਾਰਕ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 48 ਪਾਰਕਾਂ ਦਾ ਕੰਮ ਚੱਲ ਰਿਹਾ ਹੈ ਅਤੇ 1 ਪਾਰਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਿਨ੍ਹਾਂ ਥਾਵਾਂ ‘ਤੇ ਕੂੜੇ ਦੇ ਢੇਰ ਲੱਗਦੇ ਸਨ, ਉੱਥੇ ਪਾਰਕ ਬਣਾਏ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੀ ਸਫਾਈ ਵੀ ਹੋ ਰਹੀ ਹੈ ਅਤੇ ਪਿੰਡ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਰਿਆਲੀ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਕਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪੌਦੇ ਵੀ ਲਗਵਾਏ ਜਾ ਰਹੇ ਹਨ ਅਤੇ ਪਾਰਕਾਂ ਵਿੱਚ ਬੱਚਿਆਂ ਦੇ ਖੇਡਣ ਲਈ ਝੂਲੇ, ਬੈਠਣ ਲਈ ਬੈਂਚਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਕੰਮ ਪਾਰਕਾਂ ਦੀ ਉਸਾਰੀ ਦੇ ਲਏ ਜਾਣ ਤਾਂ ਜੋ ਪਿੰਡਾਂ ਦਾ ਵਾਤਾਵਰਣ ਸਾਫ-ਸੁਥਰਾ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਮਗਨਰੇਗਾ ਲੇਬਰ ਨੂੰ ਕੰਮ ਵੀ ਮੁਹੱਈਆ ਕਰਵਾਇਆ ਜਾ ਸਕੇ।
