ਮਾਨਸਾ ਵਿੱਚ ਵਾਹਨਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਆਦੇਸ਼, ਹਰ ਹਫ਼ਤੇ ਹੋਵੇਗੀ ਕਾਰਵਾਈ ਦੀ ਸਮੀਖਿਆ

0
127

ਮਾਨਸਾ, 2 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਵਾਹਨਾਂ ‘ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇ ਤਾਂ ਜੋ ਕੋਈ ਵੀ ਵਾਹਨ ਚਾਲਕ ਸਰਕਾਰ ਵੱਲੋਂ ਆਵਾਜ਼ ਪ੍ਰਦੂਸ਼ਣ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਨਾ ਕਰ ਸਕੇ। ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਦੀ ਸਮੀਖਿਆ ਹਰ ਹਫ਼ਤੇ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਟਰੱਕਾਂ ਸਮੇਤ ਹੋਰ ਜਿਹੜੇ ਵੀ ਵਾਹਨਾਂ ‘ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕੀਤੀ ਜਾਂਦੀ ਹੈ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ ਇੱਕ ਚਿੰਤਾ ਦਾ ਵਿਸ਼ਾ ਹੈ ਜਿਸ ਦੀ ਰਲਮਿਲ ਕੇ ਰੋਕਥਾਮ ਕੀਤੀ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵੀ ਹਦਾਇਤ ਕੀਤੀ ਕਿ ਰੋਜ਼ਾਨਾ ਦੇ ਆਧਾਰ ‘ਤੇ ਵਾਹਨਾਂ ਦੀ ਜਾਂਚ ਕੀਤੀ ਜਾਵੇ ਅਤੇ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਜਾਣ ਅਤੇ ਪ੍ਰੈਸ਼ਰ ਹਾਰਨਾਂ ਨੂੰ ਉਤਾਰ ਕੇ ਨਿਯਮਾਂ ਮੁਤਾਬਕ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਸ਼੍ਰੀ ਮਹਿੰਦਰ ਪਾਲ ਨੇ ਟਰੈਫਿਕ ਪੁਲਿਸ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਕਾਰਜਸਾਧਕ ਅਫ਼ਸਰ, ਜਨਰਲ ਮੈਨੇਜਰ ਪੀ.ਆਰ.ਟੀ.ਸੀ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਹੁਣ ਤੱਕ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਬਾਰੇ ਪੁੱਛਿਆ। ਉਨ੍ਹਾਂ ਟਰੈਫਿਕ ਪੁਲਿਸ ਨੂੰ ਵੀ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲਿਆਂ ਦੇ ਚਾਲਾਨ ਕੱਟਣ ਦੀ ਹਦਾਇਤ ਕੀਤੀ। ਉਨ੍ਹਾਂ ਪੀ.ਆਰ.ਟੀ.ਸੀ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਬੱਸਾਂ ਵਿੱਚ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਕਿਸੇ ਵੀ ਸਰਕਾਰੀ ਬੱਸ ਵਿੱਚ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਦੋ ਪਹੀਆ, ਤਿੰਨ ਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਨਿਰੰਤਰ ਜਾਂਚ ਪੜਤਾਲ ਕਰਨ ਦੀ ਹਦਾਇਤ ਵੀ ਕੀਤੀ ਗਈ ਤਾਂ ਜੋ ਜ਼ਿਲ੍ਹਾ ਮਾਨਸਾ ਨੂੰ ਪ੍ਰੈਸ਼ਰ ਹਾਰਨਾਂ ਕਾਰਨ ਪੈਦਾ ਹੁੰਦੇ ਆਵਾਜ਼ ਪ੍ਰਦੂਸ਼ਣ ਤੋਂ ਮੁਕੰਮਲ ਤੌਰ ‘ਤੇ ਮੁਕਤ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਐਸ.ਡੀ.ਐਮ ਸ਼ਿਖਾ ਭਗਤ, ਇੰਚਾਰਜ ਟਰੈਫਿਕ ਪੁਲਿਸ ਅਫਜ਼ਾਲ ਅਹਿਮਦ, ਈ.ਓ ਵਿਸ਼ਾਲ ਬਾਂਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ:
 ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ ਕਰਦੇ ਹੋਏ। 

LEAVE A REPLY

Please enter your comment!
Please enter your name here