ਮਾਨਸਾ ਵਿੱਚ 3 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ਿਟੀਵ

0
1469

ਮਾਨਸਾ, 02 ਮਈ (ਸਾਰਾ ਯਹਾ,ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਨਾਲ ਕੁਝ ਵਿਅਕਤੀਆਂ ਨੂੰ ਸ਼੍ਰੀ ਹਜ਼ੂਰ ਸਾਹਿਬ ਤੋਂ ਵਾਪਸ ਲਿਆਇਆ ਗਿਆ ਸੀ, ਜੋ ਨੋਵਲ ਕੋਰੋਨਾ ਵਾਇਰਸ (ਕੋਵਿੰਡ-19) ਦੇ ਚੱਲਦਿਆਂ ਲਗਾਏ ਗਏ ਕਰਫਿਊ/ਲਾਕਡਾਊਨ ਕਾਰਨ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੀ ਰੁਕ ਗਏ ਸਨ। ਉਨ੍ਹਾਂ ਦੱਸਿਆ ਇਨ੍ਹਾਂ ਵਿੱਚੋਂ ਪਹਿਲੇ ਦਿਨ ਆਏ 11 ਸ਼ਰਧਾਲੂਆਂ ਦੇ ਸੈਂਪਲ ਲਏ ਗਏ ਸਨ।  
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਲਏ ਗਏ ਸੈਂਪਲਾਂ ਵਿੱਚੋਂ 3 ਵਿਅਕਤੀਆਂ, ਜਿਨ੍ਹਾਂ ਵਿੱਚ 2 ਮਰਦ ਅਤੇ 1 ਔਰਤ  ਸ਼ਾਮਿਲ ਹਨ, ਦੇ ਕੋਰੋਨਾ ਸੈਂਪਲ ਪਾਜ਼ਿਟੀਵ ਪਾਏ ਗਏ ਹਨ, ਜਦਕਿ 8 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਬਿਲਕੁੱਲ ਵੀ ਲੋੜ ਨਹੀਂ ਹੈ, ਇਨ੍ਹਾਂ ਨੂੰ ਪਹਿਲਾਂ ਤੋਂ ਹੀ ਇਕਾਂਤਵਾਸ ਵਿੱਚ ਰੱਖਿਆ ਹੋਇਆ ਸੀ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਲਈ ਲਿਆਇਆ ਗਿਆ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟੀਵ ਮਰੀਜ਼ਾਂ ਦਾ ਅੰਕੜਾ 13 ਹੋ ਗਿਆ ਸੀ ਉਸ ਤੋਂ ਬਾਅਦ 4 ਕੋਰੋਨਾ ਪਾਜ਼ਿਟੀਵ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਊਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਨਾਲ ਮਾਨਸਾ ਜ਼ਿਲ੍ਹੇ ਅੰਦਰ ਕੋਰੋਨਾ ਦੇ 9 ਮਰੀਜ਼ ਹੀ ਰਹਿ ਗਏ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਇਨ੍ਹਾਂ 3 ਵਿਅਕਤੀਆਂ ਦੀ ਰਿਪੋਰਟ ਪਾਜ਼ਿਟੀਵ ਆਉਣ ਨਾਲ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ਿਟੀਵ ਮਰੀਜ਼ਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ।

LEAVE A REPLY

Please enter your comment!
Please enter your name here