ਮਾਨਸਾ, 18 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 19363 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 24564 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਪਨਗਰੇਨ ਵੱਲੋਂ 8042, ਮਾਰਕਫੈਡ ਵੱਲੋਂ 6060, ਪਨਸਪ ਵੱਲੋਂ 3949 ਅਤੇ ਵੇਅਰ ਹਾਊਸ ਵੱਲੋਂ 1312 ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵੀ ਨਿਰਧਾਰਿਤ ਸਮੇਂ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਝੋਨੇ ਦੀ ਕਿਸਾਨਾਂ ਨੂੰ 13.83 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।