ਮਾਨਸਾ, 27 ਨਵੰਬਰ (ਸਾਰਾ ਯਹਾ / ਜੋਨੀ ਜਿੰਦਲ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ 1 ਦਸੰਬਰ ਤੋਂ ਜ਼ਿਲ੍ਹੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਰਾਤ ਦਾ ਕਰਫਿਊ (ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ) ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਇੰਡਸਟਰੀ ਵਿਖੇ ਵੱਖ-ਵੱਖ ਸ਼ਿਫਟਿੰਗ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਆਦਿ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਸਤਾਂ ਸਬੰਧੀ ਅਤੇ ਅਨਲੋਡਿੰਗ ਕਾਰਗੋ ਤੇ ਬੱਸਾਂ, ਟ੍ਰੇਨਾਂ ਤੇ ਹਵਾਈ ਜਹਾਜਾਂ ਤੋਂ ਉੱਤਰ ਕੇ ਆਪਣੀ ਮੰਜਿਲ ਵੱਲ ਜਾ ਰਹੇ ਰਾਹਗੀਰਾਂ ਨੂੰ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਾਬੰਦੀਆਂ ਕ੍ਰਿਮਨਲ ਪ੍ਰੋਸੀਜ਼ਰ ਕੋਡ 1973 ਦੀ ਧਾਰਾ 144 ਤਹਿਤ ਲਗਾਇਆ ਜਾਵੇਗਾ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇ। ਉਨ੍ਹਾਂ ਲੋਕਾਂ ਨੂੰ ਇਸ ਸਬੰਧ ਵਿੱਚ ਅਣਗਹਿਲੀ ਨਾ ਵਰਤਣ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ 6 ਫੁੱਟ ਦੀ ਦੂਰੀ ਰੱਖਣੀ ਯਕੀਨੀ ਬਣਾਈ ਜਾਵੇ। ਮਾਸਕ ਨਾ ਪਾਉਣ, ਜਨਤਕ ਥਾਵਾਂ ’ਤੇ ਥੁੱਕਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਦੁੱਗਣਾ ਜ਼ੁਰਮਾਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਲਗਾਤਾਰ ਹੱਥਾਂ ਨੂੰ ਸਾਬਨ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਮ ਵਾਲੀਆਂ ਥਾਵਾਂ ਨੂੰ ਵੀ ਲਗਾਤਾਰ ਸੈਨੇਟਾਈਜ਼ ਕੀਤਾ ਜਾਣਾ ਚਾਹੀਦਾ ਹੈ। ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।