
ਚੰਡੀਗੜ੍ਹ, 30 ਅਗਸਤ(ਸਾਰਾ ਯਹਾਂ/ਹਿਤੇਸ਼ ਸ਼ਰਮਾ):
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਇਸੇ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁੱਅਤਲ ਕੀਤਾ ਗਿਆ ਹੈ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਅਤਲ ਕੀਤੀ ਗਈ ਸਹਾਇਕ ਕੰਟਰੋਲਰ ਸੀਮਾ ਗੁਪਤਾ ਜਨਰਲ ਮੈਨੇਜਰ ਪੰਜਾਬ ਰੋਡਵੇਜ ਲੁਧਿਆਣਾ ਵਿਖੇ ਤਾਇਨਾਤ ਸੀ ਅਤੇ ਉਸ ਕੋਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਵਾਧੂ ਚਾਰਜ ਵੀ ਸੀ। ਉਨ੍ਹਾਂ ਦੱਸਿਆ ਕਿ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਸੀ ਕਿ ਇਹ ਅਧਿਕਾਰੀ ਯੂਨੀਵਰਸਿਟੀ ਦੇ ਕਰਮਚਾਰੀਆਂ ਤੋਂ ਪ੍ਰੋਬੇਸ਼ਨ ਕਲੀਅਰ ਕਰਨ ਦੇ ਬਦਲੇ ਵਿੱਚ ਰਿਸਵਤ ਮੰਗਦੀ ਹੈ।
ਸ. ਚੀਮਾ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੌਏ ਕੁਮਾਰ ਸਿਨਹਾ ਅਤੇ ਡਾਇਰੈਕਟਰ (ਖਜਾਨੇ ਤੇ ਲੇਖਾ) ਜਨਾਬ ਮੁਹੰਮਦ ਤਾਇਅਬ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਬੂਤ ਵਜੋਂ ਵੀਡਿਓ ਕਲਿੱਪ ਅਤੇ ਵੱਖ-ਵੱਖ ਅਖਬਾਰਾਂ ਵਿੱਚ ਲੱਗੀਆਂ ਖਬਰਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੜਤਾਲ ਉਪਰੰਤ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ।
ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਾਕਰ ਵੱਲੋਂ ਚਲਾਈ ਗਈ ਮੁਹਿੰਮ ਦਾ ਜਿਕਰ ਕਰਦਿਆਂ ਸ. ਚੀਮਾ ਨੇ ਕਿਹਾ ਸਾਡੀ ਸਰਕਾਰ ਵੱਲੋਂ ਸਤਾ ਸੰਭਾਲਦਿਆਂ ਹੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਵਾ ਸਾਲ ਦੌਰਾਨ 400 ਤੋਂ ਵੱਧ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ ਗਿਆ।
