
18 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਮਾਨ ਸਰਕਾਰ ਦੀਆਂ ਮੁਸ਼ਕਲਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਕਿਉਂਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝ ਫਰੰਟ ਵੱਲੋਂ ਸਰਕਾਰ ਦੇ ਖਿਲਾਫ ਸਖਤ ਸੰਘਰਸ਼ ਕਰਨ ਦੀ ਚੇਤਾਵਨੀ ਦੇ ਦਿੱਤੀ ਹੈ।
ਪੰਜਾਬ ਦੇ ਬਰਨਾਲਾ ਵਿਖੇ ਅੱਜ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝ ਫਰੰਟ ਵੱਲੋਂ ਰੋਸ ਰੈਲੀ ਕੀਤੀ ਗਈ। ਜਿਸ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਇਆ ਗਿਆ।
ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਪੈਨਸ਼ਨਰਜ਼ ਤੇ ਮੁਲਾਜ਼ਮ ਸਾਂਝ ਫਰੰਟ ਦੇ ਕਨਵੀਨਰ ਭਜਨ ਸਿੰਘ ਅਤੇ ਧਨਵੰਤ ਸਿੰਘ ਭੱਠਲ ਨੇ ਦੱਸਿਆ ਕਿ ਅੱਜ ਪੈਨਸ਼ਨਰਜ਼ ਸਾਂਝ ਫਰੰਟ ਪੰਜਾਬ ਦੀ ਤਰਫੋਂ ਬਰਨਾਲਾ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਅਤੇ ਰੋਸ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਦੋ ਸਾਲਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੋਈ ਵੀ ਮੰਗ ਨਹੀਂ ਮੰਨ ਰਹੀ। ਜਿਸ ਕਾਰਨ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਪੈਨਸ਼ਨ ਰਾਜ ਵਰਗ ਸੰਘਰਸ਼ ਦਾ ਰਾਹ ਅਪਣਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਅੱਜ ਤੱਕ ਇਹ ਮੰਗ ਪੂਰੀ ਨਹੀਂ ਕੀਤੀ ਗਈ। ਜਿਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ਹੈ, ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਹੁਤ ਘੱਟ ਵਾਧਾ ਕੀਤਾ ਗਿਆ ਹੈ, ਜਦੋਂ ਕਿ ਉਨ੍ਹਾਂ ਨੂੰ ਹੋਰ ਕੋਈ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਨੇ ਵੀ ਆਪਣੇ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਕਾਰਵਾਈ ਨਹੀਂ ਕੀਤੀ।
DA ਦੀਆਂ ਤਿੰਨ ਕਿਸ਼ਤਾਂ ਅਜੇ ਵੀ ਬਕਾਇਆ ਪਈਆਂ
ਪੈਨਸ਼ਨਰਾਂ ਦੀਆਂ ਡੀਏ ਦੀਆਂ ਤਿੰਨ ਕਿਸ਼ਤਾਂ ਅਜੇ ਵੀ ਬਕਾਇਆ ਪਈਆਂ ਹਨ ਅਤੇ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੋਰ ਵੀ ਕਈ ਮੰਗਾਂ ਨੂੰ ਸਰਕਾਰ ਨਹੀਂ ਸੁਣ ਰਹੀ। ਇਸ ਨੂੰ ਪੂਰਾ ਕਰਨ ਲਈ ਪੰਜਾਬ ਦੇ ਪੈਨਸ਼ਨਰਾਂ ਦਾ ਸਮੂਹ ਇੱਕਜੁੱਟ ਹੋ ਕੇ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਦੀਆਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
