*ਮਾਨ ਸਰਕਾਰ ਨੇ ਪੰਜਾਬ ਦੇ ਪੇਂਡੂ ਸਿਹਤ ਢਾਂਚੇ ਨੂੰ ਆਈਸੀਯੂ ਵਿੱਚ ਪਾਇਆ:ਜੈਵੀਰ ਸ਼ੇਰਗਿੱਲ*

0
17

ਚੰਡੀਗੜ੍ਹ,18 ਅਕਤੂਬਰ:(ਸਾਰਾ ਯਹਾਂ/ਹਿਤੇਸ਼ ਸ਼ਰਮਾ):

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਸੂਬੇ ਵਿੱਚ ਸਿਹਤ ਖੇਤਰ ਅਤੇ ਖਾਸ ਕਰਕੇ ਪੇਂਡੂ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈਆਂ ਹਨ।

ਇੱਥੇ ਜਾਰੀ ਬਿਆਨ ਵਿੱਚ ਸ਼ੇਰਗਿੱਲ ਨੇ ਸਿਹਤ ਖੇਤਰ ਵਿੱਚ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ’ਤੇ ਭਾਰੀ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਮੰਨੀਆਂ ਜਾਂਦੀਆਂ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਖਸਤਾ ਹੈ ਅਤੇ ਇਨ੍ਹਾਂ ਵਿੱਚ ਮੁੱਢਲੀਆਂ ਦਵਾਈਆਂ ਵੀ ਨਹੀਂ ਹਨ। ਇੱਥੋਂ ਤੱਕ ਕਿ ਸ਼ਹਿਰੀ ਸਿਹਤ ਪ੍ਰਣਾਲੀ ਦਾ ਵੀ ਬਹੁਤ ਬੁਰਾ ਹਾਲ ਹੈ। ਸੂਬੇ ਦੇ ਲੋਕਾਂ ਦੀਆਂ ਮੁੱਢਲੀਆਂ ਸਿਹਤ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਸਰਕਾਰ ਦੀ ਨਾਕਾਮੀ ’ਤੇ ਗੁੱਸਾ ਜ਼ਾਹਰ ਕਰਦਿਆਂ, ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦੇਣ ਸਬੰਧੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਸਾਰੇ ਵੱਡੇ-ਵੱਡੇ ਦਾਅਵੇ ਮਹਿਜ਼ ਵਿਖਾਵਾ ਹਨ। ਜਦੋਂ ਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ।

ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀਆਂ 564 ਪੇਂਡੂ ਡਿਸਪੈਂਸਰੀਆਂ ਆਈਸੀਯੂ ਵਿੱਚ ਪਹੁੰਚ ਚੁੱਕੀਆਂ ਹਨ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਖਬਰਾਂ ਅਨੁਸਾਰ ਪੰਜਾਬ ਦੀ 60 ਫੀਸਦੀ ਆਬਾਦੀ ਨੂੰ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੇਂਡੂ ਸਿਹਤ ਕੇਂਦਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ।

ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਮੀਡੀਆ ਵਿਚ ਛਪੀਆਂ ਖ਼ਬਰਾਂ ਮੁਤਾਬਕ ਪੰਜਾਬ ਦੇ ਸਿਹਤ ਕੇਂਦਰਾਂ ਦਾ ਵੱਡਾ ਹਿੱਸਾ ਮੰਦੀ ਹਾਲਤ ਵਿੱਚ ਹੈ।  ਇੱਥੋਂ ਤੱਕ ਕਿ ਕਈਆਂ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਹਾਲਤ ਵੀ ਇੰਨੀ ਮਾੜੀ ਹੈ ਕਿ ਉਹ ਕਿਸੇ ਵੇਲੇ ਵੀ ਡਿੱਗ ਸਕਦੀਆਂ ਹਨ।

ਸ਼ੇਰਗਿੱਲ ਨੇ ਖੁਲਾਸਾ ਕੀਤਾ ਕਿ ਪੇਂਡੂ ਸਿਹਤ ਕੇਂਦਰਾਂ ਵਿੱਚ ਪੈਰਾਸੀਟਾਮੋਲ ਵਰਗੀਆਂ ਮੁੱਢਲੀਆਂ ਦਵਾਈਆਂ ਦੀ ਵੀ ਅਣਉਪਲਬਧਤਾ ਸਾਫ਼ ਦਰਸਾਉਂਦੀ ਹੈ ਕਿ ਸਥਿਤੀ ਕਿੰਨੀ ਚਿੰਤਾਜਨਕ ਹੈ।  ਸਿਹਤ ਖੇਤਰ ਵਿੱਚ ਸੁਧਾਰਾਂ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਸ਼ਰਮਨਾਕ ਗੱਲ ਇਹ ਹੈ ਕਿ ਕਈ ਪੇਂਡੂ ਡਿਸਪੈਂਸਰੀਆਂ ਵਿੱਚ ਤਾਇਨਾਤ ਰੂਰਲ ਮੈਡੀਕਲ ਅਫਸਰ (ਆਰਐਮਓ) ਦਵਾਈਆਂ ਖਰੀਦਣ ਲਈ ਆਪਣੀ ਜੇਬ ਵਿੱਚੋਂ ਪੈਸੇ ਦੇ ਰਹੇ ਹਨ, ਤਾਂ ਜੋ ਮਰੀਜਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਮਾਨ ਆਪਣੇ ਆਪ ਨੂੰ ਸਹੀ ਠਹਿਰਾਉਣ ਅਤੇ ਸਸਤੀ ਸ਼ੋਹਰਤ ਹਾਸਿਲ ਕਰਨ ਲਈ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੇ ਫਰਜ਼ੀ ਅੰਕੜੇ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਦੇ ਕਈ ਕਲੀਨਿਕਾਂ ਵਿੱਚ ਜਾਅਲੀ ਓਪੀਡੀ ਰਜਿਸਟਰੇਸ਼ਨਾਂ ਹੋ ਰਹੀਆਂ ਹਨ, ਜਿਸਦਾ ਸਬੂਤ ਇਹ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਨੇ ਵੀ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਕੁੱਲ 664 ਆਮ ਆਦਮੀ ਕਲੀਨਿਕਾਂ ਵਿੱਚੋਂ ਵੱਡੀ ਗਿਣਤੀ ਵਿੱਚ ਕਲੀਨਿਕ ਲੋੜੀਂਦੇ ਬੁਨਿਆਦੀ ਢਾਂਚੇ ਤੋਂ ਵਾਂਝੇ ਹਨ।  ਇਹ ਹਾਸੋਹੀਣੀ ਗੱਲ ਹੈ ਕਿ ਸੂਬੇ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ ਅਜਿਹੀਆਂ ਹਨ, ਜਿੱਥੇ 35 ਕਿਲੋਮੀਟਰ ਦੀ ਦੂਰੀ ’ਤੇ ਸਿਰਫ਼ ਇੱਕ ਆਮ ਆਦਮੀ ਕਲੀਨਿਕ ਹੈ। ਜਦੋਂ ਕਿ ਕਈ ਇਲਾਕਿਆਂ ਵਿਚ ਸਿਰਫ਼ 1 ਕਿਲੋਮੀਟਰ ਦੀ ਦੂਰੀ ‘ਤੇ ਦੋ ਆਮ ਆਦਮੀ ਕਲੀਨਿਕ ਮਿਲ ਜਾਣਗੇ।

ਇਸੇ ਤਰ੍ਹਾਂ ਇੱਕ ਹੋਰ ਅਹਿਮ ਮੁੱਦੇ ’ਤੇ ਚਾਨਣਾ ਪਾਉਂਦਿਆਂ ਭਾਜਪਾ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਮੋਰਚਰੀ ਵੈਨਾਂ ਨਾ ਹੋਣ ਕਾਰਨ ਮ੍ਰਿਤਕਾਂ ਦੇ ਵਾਰਸਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ।

NO COMMENTS