
ਚੰਡੀਗੜ੍ਹ, 1 ਅਗਸਤ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤ ਨਿਵਾਰਣ ਵਿਭਾਗ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸਾਰੇ ਸਟੇਟ ਨੋਡਲ ਅਫ਼ਸਰਾਂ ਲਈ ਜਨਤਕ ਸ਼ਿਕਾਇਤ ਪ੍ਰਣਾਲੀ ਬਾਰੇ ਇੱਕ-ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਹ ਸਿਖਲਾਈ ਪ੍ਰੋਗਰਾਮ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਨੂੰ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੀ ਵਰਤੋਂ ਕਰਨ ਵਿੱਚ ਉਨ੍ਹਾਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨ ‘ਤੇ ਕੇਂਦਰਿਤ ਸੀ। ਇਸ ਵਰਕਸ਼ਾਪ ਵਿੱਚ ਸੂਬੇ ਦੇ 100 ਤੋਂ ਵੱਧ ਨੋਡਲ ਅਫ਼ਸਰਾਂ ਨੇ ਹਿੱਸਾ ਲਿਆ।
ਇਹ ਵਰਕਸ਼ਾਪ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਸੂਬੇ ਵਿੱਚ ਸ਼ਿਕਾਇਤ ਨਿਵਾਰਣ ਪ੍ਰਣਾਲੀ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਹਿੱਸੇ ਵਜੋਂ ਕਰਵਾਈ ਗਈ।
ਇਸ ਵਿਆਪਕ ਸਿਖਲਾਈ ਸੈਸ਼ਨ ਵਿੱਚ ਪੀ.ਜੀ.ਆਰ.ਐਸ. ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਨਾਲ ਸਬੰਧਤ ਸਿਧਾਂਤਕ ਸੂਝ ਅਤੇ ਵਿਹਾਰਕ ਗਿਆਨ ਦੋਵਾਂ ਨੂੰ ਸ਼ਾਮਲ ਕੀਤਾ ਗਿਆ। ਸਾਰੇ ਭਾਗੀਦਾਰਾਂ ਨੂੰ ਸਮਾਂਬੱਧ ਅਤੇ ਕੁਸ਼ਲਤਾ ਨਾਲ ਸ਼ਿਕਾਇਤਾਂ ਦੇ ਨਿਪਟਾਰੇ ਦੀ ਅਹਿਮ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਪਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਵਰਕਸ਼ਾਪ ਦੌਰਾਨ ਸ਼ਿਕਾਇਤ ਨਿਵਾਰਣ ਵਿੱਚ ਸ਼ਾਮਲ ਨੀਤੀਆਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਨੋਡਲ ਅਫ਼ਸਰਾਂ ਨੂੰ ਇਸ ਪ੍ਰਣਾਲੀ ਦੀ ਸੰਪੂਰਨ ਸਮਝ ਪ੍ਰਦਾਨ ਕੀਤੀ ਗਈ।
ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਪ੍ਰਸ਼ਾਸਨ ਪ੍ਰਤੀ ਨਾਗਰਿਕ ਕੇਂਦਰਿਤ ਪਹੁੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪੀ.ਜੀ.ਆਰ.ਐਸ. ਇਕ ਮਹੱਤਵਪੂਰਨ ਸਾਧਨ ਹੈ ਜਿਸ ਨਾਲ ਨਾਗਰਿਕ ਆਪਣੀਆਂ ਸ਼ਿਕਾਇਤਾਂ ਨੂੰ ਰਜਿਸਟਰ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਟਰੈਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਰਕਸ਼ਾਪ ਨੋਡਲ ਅਫ਼ਸਰਾਂ ਨੂੰ ਪਲੇਟਫਾਰਮ ਦੀ ਪ੍ਰਭਾਵੀ ਵਰਤੋਂ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਕੁਸ਼ਲ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇਗਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀਆਂ ਲੋੜਾਂ ਅਨੁਸਾਰ ਪਹੁੰਚਯੋਗ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸੂਬਾ ਪੱਧਰੀ ਪੀ.ਜੀ.ਆਰ.ਐੱਸ. ਸਿਖਲਾਈ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
