-ਮੀਂਹ ਦੇ ਮੌਸਮ ਦੌਰਾਨ ਗਲੀਆਂ ਨਾਲੀਆਂ ਦੀ ਸਫਾਈ ਯਕੀਨੀ ਬਣਾਈ ਜਾਵੇ: ਡਿਪਟੀ ਕਮਿਸ਼ਨਰ

0
34

ਮਾਨਸਾ, 10 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ) : ਆਉਣ ਵਾਲੇ ਮੀਂਹ ਦੇ ਮੌਸਮ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਕਰਨ ਲਈ ਗਲੀਆਂ ਨਾਲੀਆਂ ਦੀ ਸਫਾਈ ਯਕੀਨੀ ਬਣਾਈ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਮਿਊਂਸਪਲ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਲੀਆਂ ਨਾਲੀਆਂ ਦੀ ਸਾਫ ਸਫਾਈ ਯਕੀਨੀ ਬਣਾਈ ਜਾਵੇ ਤਾਂ ਜੋ ਬਾਰਿਸ਼ ਦੌਰਾਨ ਪਾਣੀ ਦੀ ਨਿਕਾਸੀ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਮੀਂਹ ਦੇ ਪਾਣੀ ਦੀ ਬੱਚਤ ਕਰਨ ਹਿਤ ਵਾਟਰ ਹਾਰਵੈਸਟ ਸਿਸਟਮ ਲਗਾਉਣ ਲਈ ਯੋਗ ਇਮਾਰਤਾਂ ਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਨਾਲ ਹੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਰੋਕਣ ਸਬੰਧੀ ਚਲਾਣ ਕਰਨ ਵਾਸਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਪਾਸੋਂ ਉਨ੍ਹਾਂ ਦੀ ਪ੍ਰਗਤੀ ਅਤੇ ਰੀਕਵਰੀ ਸਬੰਧੀ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਜਲਦ ਤੋਂ ਜਲਦ ਪੈਡੰਸੀ ਪੂਰੀ ਕਰਨ ਲਈ ਯਤਨ ਕੀਤੇ ਜਾਣ ਅਤੇ ਰੀਕਵਰੀ ਰੇਟ ਵਿਚ ਵਾਧਾ ਲਿਆਂਦਾ ਜਾਵੇ।
ਸੇਵਾ ਕੇਂਦਰਾਂ ਦੀ ਪੈਡੰਸੀ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਮਾਨਸਾ ਹਮੇਸ਼ਾ ਜ਼ੀਰੋ ਪੈਡੰਸੀ ਲਈ ਜਾਣਿਆ ਜਾਂਦਾ ਹੈ, ਇਸ ਲਈ ਹੁਣ ਵੀ ਉਨ੍ਹਾਂ ਦੀ ਇੱਛਾ ਹੈ ਕਿ ਸੇਵਾ ਕੇਂਦਰ ਦੀ ਪ੍ਰਗਤੀ ਪਹਿਲਾਂ ਦੀ ਤਰਾਂ ਬਰਕਰਾਰ ਰਹੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਦੀ ਪੈਡੰਸੀ ਮੈਨਟੇਨ ਕੀਤੀ ਜਾਵੇ।
ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪਾਸੋਂ ਜ਼ਿਲ੍ਹੇ ਦੇ ਵੱਖ ਵੱਖ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਸਰਕਾਰੀ/ਪੰਚਾਇਤੀ ਜ਼ਮੀਨਾਂ ਤੇ ਮਗਨਰੇਗਾ ਦੇ ਕੰਮਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ, ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਐਸ.ਡੀ.ਐਮ. ਮਾਨਸਾ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

NO COMMENTS