*ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ*

0
38

(ਸਾਰਾ ਯਹਾਂ/  ਮੁੱਖ ਸੰਪਾਦਕ) : : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ।


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਧਿਆਨ ਸ਼ਾਂਤੀਪੂਰਵਕ ਢੰਗ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ‘ਤੇ ਕੇਂਦਰਤ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੱਧ ਤੋਂ ਵੱਧ ਵੋਟਰਾਂ ਨੇ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ‘ਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਜ਼ਿਮਨੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਸਾਰੇ ਪੋਲਿੰਗ ਕਰਮਚਾਰੀਆਂ, ਸੁਰੱਖਿਆ ਕਰਮੀਆਂ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਬੂਥ ਲੈਵਲ ਅਫਸਰਾਂ (ਬੀ.ਐਲ.ਓ.), ਲੋਕ ਨਿਰਮਾਣ ਵਿਭਾਗ ਦੇ ਕੋਆਰਡੀਨੇਟਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਪਿੰਡ ਦੇ ਚੌਕੀਦਾਰਾਂ ਦਾ ਵੀ ਚੋਣ ਪ੍ਰਕਿਰਿਆ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ।

ਦੱਸ ਦੇਈਏ ਕਿ ਕਾਂਗਰਸ ਦੇ ਜੇਤੂ ਸੰਸਦ ਮੈਂਬਰ ਸੰਤੋਖ ਸਿੰਘ ਦੀ ਜਨਵਰੀ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਕਾਰਨ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਹਨ ,ਜਦਕਿ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਹਲਕੇ ਵਿੱਚ ਕੁੱਲ 16,21,800 ਵੋਟਰ ਹਨ, ਜਿਨ੍ਹਾਂ ਵਿੱਚ 8,44,904 ਪੁਰਸ਼ ਅਤੇ 7,76,855 ਔਰਤਾਂ ਅਤੇ 41 ਟਰਾਂਸਜੈਂਡਰ ਹਨ।   

LEAVE A REPLY

Please enter your comment!
Please enter your name here