ਮੁੱਖ ਮੰਤਰੀ ਖੱਟਰ ਦਾ ਘਿਰਾਓ ਕਰਨ ਵਾਲੇ ਪੰਜਾਬ ਦੇ ਵਿਧਾਇਕਾਂ ‘ਤੇ ਹੋਵੇਗੀ FIR, ਜਾਂਚ ਲਈ ਬਣਾਈ ਕਮੇਟੀ

0
49

ਚੰਡੀਗੜ੍ਹ 13,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਘੇਰਨ ਵਾਲੇ ਪੰਜਾਬ ਦੇ ਵਿਧਾਇਕਾਂ ਖਿਲਾਫ ਹੁਣ ਐਫਆਈਆਰ ਦਰਜ ਕੀਤੀ ਜਾਵੇਗੀ। ਇੱਕ ਸਰਕਾਰੀ ਬੁਲਾਰੇ ਨੇ ਕਿਹਾ ਹੈ ਕਿ ਹਰਿਆਣਾ ਵਿਧਾਨ ਸਭਾ ਸਕੱਤਰੇਤ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਬਦਸਲੂਕੀ ਕਰਨ ਵਾਲੇ ਪੰਜਾਬ ਦੇ ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕਰੇਗੀ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਇੱਕ ਸਮੂਹ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਖੱਟਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ। ਵਿਧਾਇਕ ਮੰਗ ਕਰ ਰਹੇ ਸੀ ਕਿ ਹਰਿਆਣਾ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰੇ। ਇਨ੍ਹਾਂ ਵਿਧਾਇਕਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਲਈ ਖੱਟਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਧਾਨ ਸਭਾ ਪਾਰਟੀ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਵਿਧਾਇਕਾਂ ਨੇ ਵਿਧਾਨ ਸਭਾ ਭਵਨ ਤੋਂ ਬਾਹਰ ਆਉਂਦਿਆਂ ਹੀ ਖੱਟਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ‘ਖੱਟਰ-ਮੋਦੀ, ਕਿਸਾਨ ਵਿਰੋਧੀ’ ਦੇ ਨਾਅਰੇ ਲਗਾਏ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਇਸ ਮਾਮਲੇ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਸਖ਼ਤ ਇਤਰਾਜ਼ ਜਤਾਇਆ ਸੀ।

ਸ਼ੁੱਕਰਵਾਰ ਨੂੰ ਸਪੀਕਰ ਗੁਪਤਾ ਨੇ ਹਰਿਆਣਾ ਪੁਲਿਸ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਰਾਜੀਵ ਅਰੋੜਾ, ਪ੍ਰਮੁੱਖ ਸਕੱਤਰ ਅਰੁਣ ਗੁਪਤਾ, ਪੁਲਿਸ ਡਾਇਰੈਕਟਰ ਜਨਰਲ ਮਨੋਜ ਯਾਦਵ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ। ਇਹ ਜਾਂਚ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਅਧਿਕਾਰੀਆਂ ਦੀ ਸਾਂਝੀ ਕਮੇਟੀ ਕਰੇਗੀ। ਇਸ ਦੇ ਨਾਲ ਹੀ 15 ਮਾਰਚ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਵੀ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

NO COMMENTS