ਮਾਨਸਾ, 03 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ):
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਬੋਹਾ ਸ਼ਹਿਰ ਤੋਂ ਨੈਣਾ ਦੇਵੀ, ਜਵਾਲਾ ਜੀ, ਮਾਤਾ ਚਿੰਤਪੁਰਨੀ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ 43 ਸ਼ਰਧਾਲੂਆਂ ਦੀ ਏ.ਸੀ. ਬੱਸ ਇਸ ਯਾਤਰਾ ਲਈ ਭੇਜੀ ਗਈ ਹੈ। ਸ਼ਰਧਾਲੂਆਂ ਲਈ ਖਾਣ-ਪੀਣ ਅਤੇ ਰਿਹਾਇਸ਼ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ। ਪੰਜਾਬ ਦੇ ਹਰੇਕ ਹਲਕੇ ਚੋਂ ਹਰ ਮਹੀਨੇ ਦੋ ਬੱਸਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਯਾਤਰਾ ਕਰ ਰਹੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਲੋੜੀਂਦੀਆਂ ਵਸਤਾਂ ਦੀ ਕਿੱਟ ਵੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਕਿਹਾ ਕਿ ਇਹ ਸਕੀਮ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ।
ਇਸ ਮੌਕੇ ਐਸ.ਡੀ.ਐਮ.ਬੁਢਲਾਡਾ ਗਗਨਦੀਪ ਸਿੰਘ, ਗੁਰਤੇਜ ਸਿੰਘ ਏ.ਐਸ.ਆਈ. ਬੋਹਾ ਪੁਲੀਸ ਪਾਰਟੀ ਸਮੇਤ, ਗੁਰਦਰਸ਼ਨ ਸਿੰਘ ਪਟਵਾਰੀ, ਜਸਪਾਲ ਜੱਸੀ ਐਸ.ਡੀ.ਐਮ.ਦਫਤਰ ਬੁਢਲਾਡਾ, ਕਮਲਦੀਪ ਬਾਵਾ, ਰਾਜਵਿੰਦਰ ਸਿੰਘ, ਦਰਸ਼ਨ ਘਾਰੂ, ਗਿਆਨ ਚੰਦ, ਜਗਨ ਨਾਥ, ਕਮਲੇਸ਼ ਰਾਣੀ, ਸੁਨੀਲ ਕੁਮਾਰ, ਸੰਤੋਖ ਸਾਗਰ ਹਾਜ਼ਰ ਸਨ।