*ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ*

0
17

ਸਰਾਭਾ (ਲੁਧਿਆਣਾ), 16 ਨਵੰਬਰ- (ਸਾਰਾ ਯਹਾਂ/ਬਿਊਰੋ ਨਿਊਜ਼)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।


ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।


ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ  ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਜਲਦੀ ਹੀ ਚਾਲੂ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਕਿਹਾ ਕਿ ਇਹ ਮਹਾਨ ਸ਼ਹੀਦ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।


ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ।
ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਅਸਲ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਹਾਲੇ ਤੱਕ ਇਨ੍ਹਾਂ ਮਹਾਨ ਆਗੂਆਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ।


ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਰੂਹਾਂ ਨੂੰ ਇਹ ਦੇਖ ਕੇ ਵੱਡੀ ਸੱਟ ਲੱਗੀ ਹੋਵੇਗੀ ਕਿ ਸੂਬੇ ਦੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਉਖਾੜਨ ਲਈ ਅਣਥੱਕ ਘਾਲਣਾ ਘਾਲੀ, ਪਰ ਇਹ ਬਹੁਤ ਮੰਦਭਾਗਾ ਹੈ ਕਿ ਹੁਣ ਸਾਡੇ ਨੌਜਵਾਨ ਆਪਣੇ ਮਾਤਾ-ਪਿਤਾ ਦੀਆਂ ਜ਼ਮੀਨਾਂ ਅਤੇ ਗਹਿਣੇ ਗਿਰਵੀ ਰੱਖ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ।


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਨੌਜਵਾਨ ਸੂਬੇ ਦੇ ਸਿਸਟਮ ਤੋਂ ਤੰਗ ਆ ਚੁੱਕੇ ਸਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਇਸ ਸਿਸਟਮ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦੀ ਸਥਾਪਨਾਂ ਦੀਆਂ ਸੰਭਾਵਨਾ ਵੀ ਤਲਾਸ਼ਣਗੇ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬੇ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਕਰ ਰਹੀਆਂ ਹਨ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।


ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਕਰਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਉਪਰਾਲੇ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

NO COMMENTS