
ਮਾਨਸਾ 20/9/24 (ਸਾਰਾ ਯਹਾਂ/ਮੁੱਖ ਸੰਪਾਦਕ) ਮੁੱਖ ਮੰਤਰੀ ਸ੍ਰ, ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਦੀ ਤਹਿਸੀਲ ਸੁਨਾਮ ਦੇ ਪਿੰਡ ਬਿਸ਼ਨਪੁਰਾ ਦੇ ਚਾਰ ਮਨਰੇਗਾ ਮਜ਼ਦੂਰਾਂ ਨੂੰ ਇੱਕ ਟਰੱਕ ਦੁਆਰਾ ਕੁਚਲ ਕੇ ਮਾਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ,ਜ਼ੋ ਕਿ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਧਾਰਨ ਕੀਤੇ ਚੁੱਪ ਅਣ ਮਨੁੱਖੀ ਤੇ ਮਜ਼ਦੂਰ ਵਿਰੋਧੀ ਰੱਵਈਆ ਤੇ ਮਾਨਸਿਕਤਾ ਜਨਤਕ ਹੋਈ ਹੈ। ਅਤੇ ਐਨੀ ਵੱਡੀ ਘਟਨਾ ਦੇ ਵਾਪਰਨ ਦੇ ਬਾਵਜੂਦ ਵੀ ਸਰਕਾਰ ਦੇ ਕਿਸੇ ਵਿਧਾਇਕ ਜਾਂ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਦੁੱਖ ਸਾਂਝਾ ਕਰਨ ਲਈ ਬਿਆਨ ਤੱਕ ਜਾਰੀ ਨਹੀਂ ਕੀਤਾ ਗਿਆ। ਜਿਸ ਦੀ ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਇਕਾਈ ਮਾਨਸਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕ੍ਰਿਸ਼ਨ ਸਿੰਘ ਚੋਹਾਨ, ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਓ, ਜ਼ਿਲ੍ਹਾ ਸਕੱਤਰ ਸਾਥੀ ਸੀਤਾਰਾਮ ਗੋਬਿੰਦਪੁਰਾ ਕਿਹਾ ਕਿ ਮਨਰੇਗਾ ਵਰਕਰ ਸਮਾਜਿਕ ਨਾਬਰਾਬਰੀ ਦੇ ਸ਼ਿਕਾਰ ਤੇ ਆਰਥਿਕ ਪੱਖੋਂ ਕਮਜ਼ੋਰ ਹੋਣ ਕਰਕੇ ਨਿਗੁਣੇ ਪੈਸਿਆਂ ਤੇ ਪਰਿਵਾਰ ਦਾ ਪੇਟ ਪਾਲਣ ਲਈ ਮਜਬੂਰ ਹਨ। ਕਿਉਂਕਿ ਮਨਰੇਗਾ ਕਾਨੂੰਨ ਲਾਗੂ ਨਾ ਕਰਨਾ ਕੇਂਦਰ ਅਤੇ ਰਾਜ ਸਰਕਾਰਾਂ ਦੀ ਬੇਈਮਾਨੀ ਦਾ ਸਿੱਟਾ।
ਆਗੂਆਂ ਨੇ ਮਨਰੇਗਾ ਮਜ਼ਦੂਰਾਂ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਬੀਮੇ ਕਰਨ ਅਤੇ ਮ੍ਰਿਤਕ ਮਨਰੇਗਾ ਮਜ਼ਦੂਰਾਂ ਦੇ ਵਾਰਸਾਂ ਨੂੰ ਦਸ ਦਸ ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਦਿਹਾੜੀ ਘੱਟੋ ਘੱਟ 700/ਪ੍ਰਤੀ ਦਿਨ ਅਤੇ ਦੋ ਸੋ ਦਿਨ ਕੰਮ ਦੇਣਾ ਯਕੀਨੀ ਬਣਾਇਆ ਜਾਵੇ। ਮਨਰੇਗਾ ਕਾਨੂੰਨ ਨੂੰ ਨਾਂ ਲਾਗੂ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜਥੇਬੰਦੀ ਵੱਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸਫਲ ਕਰਨ ਲਈ ਇਨਸਾਫ ਪਸੰਦ ਧਿਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।
