
(ਸਾਰਾ ਯਹਾਂ/ ਮੁੱਖ ਸੰਪਾਦਕ ) : ਵੀਰਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰਾਂ ਨੇ ਕਈ ਮੰਗਾਂ ਨੂੰ ਲੈ ਕੇ ਸੁਨਾਮ ਅਤੇ ਲਹਿਰਾਗਾਗਾ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਸੂਬਾ ਸਰਕਾਰ ਖਿਲਾਫ ਆਪਣਾ ਗੁੱਸਾ ਕੱਢਿਆ।
ਅੰਦੋਲਨਕਾਰੀ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ। ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਯੋਜਨਾ ਨੂੰ ਲਾਗੂ ਨਹੀਂ ਕਰ ਰਹੀ ਹੈ। ਅਤੇ ਉਨ੍ਹਾਂ ਦਾ ਦੋ ਸਾਲਾਂ ਦੇ ਬਕਾਇਆ ਵੀ ਬਾਕੀ ਹੈ ਜੋ ਵੀ ਸਰਕਾਰ ਵੱਲੋਂ ਨਹੀਂ ਦਿੱਤਾ ਜਾ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਅੱਜ ਸਵੇਰੇ 11 ਵਜੇ ਸੁਨਾਮ ਵਿੱਚ ਆਈਟੀਆਈ ਵਿੱਚ ਬਣੀ ਪਾਣੀ ਦੀ ਟੈਂਕੀ ਤੇ ਧਨ ਸਿੰਘ, ਸਤਨਾਮ ਸਿੰਘ, ਸਤਿਗੁਰ ਸਿੰਘ ਅਤੇ ਅਮਨਦੀਪ ਸਿੰਘ ਚੜ੍ਹ ਗਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਮ ਕੇ ਪ੍ਰਦਰਸ਼ਨ ਕੀਤਾ।
ਜਦੋਂਕਿ ਬਾਕੀ ਯੂਨੀਅਨ ਮੈਂਬਰ ਧਰਨੇ ’ਤੇ ਬੈਠ ਗਏ। ਇਸ ਦੌਰਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ’ਤੇ ਬੈਠੇ ਮਦਨ ਸਿੰਘ, ਜਸਕਰਨ ਸਿੰਘ ਅਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਦੁਸ਼ਮਣਾਂ ਵਰਗਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਠੋਸ ਭਰੋਸਾ ਨਹੀਂ ਦਿੱਤਾ ਜਾਂਦਾ ਜਾਂ ਸੂਬਾਈ ਯੂਨੀਅਨ ਦਾ ਫੈਸਲਾ ਨਹੀਂ ਆਉਂਦਾ, ਉਦੋਂ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ।
