-ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਮਾਨਸਾ ਅਨਾਜ ਮੰਡੀ ਦਾ ਦੌਰਾ ਕੀਤਾ; ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

0
54

ਮਾਨਸਾ, 12 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਜਨਰਲ ਟੀ.ਐਸ. ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਕੋਰੋਨਾ ਵਾਇਰਸ ਵਿਰੁੱਧ ਮੁਕਾਬਲਾ ਕਰਨ ਲਈ ਜ਼ਿਲ੍ਹੇ ਦੀ ਪੂਰੀ ਮਸ਼ੀਨਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ, ਕੋਰੋਨਾ ਵਾਇਰਸ ਨਾਲ ਲੜਨ ਵਿਚ ਸਮਰਪਣ ਭਾਵਨਾ ਨਾਲ ਡਟੇ ਹੋਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਨਰਲ ਸ਼ੇਰਗਿੱਲ ਨੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਅਤੇ ਸੀਨੀਅਰ ਕਪਤਾਨ ਪੁਲਿਸ ਡਾ. ਨਰਿੰਦਰ ਭਾਰਗਵ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਓ.ਐਸ.ਡੀ. ਸ੍ਰੀ ਕਰਨਵੀਰ ਸਿੰਘ, ਜ਼ਿਲ੍ਹਾ ਮੁਖੀ ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀ)   ਆਰ.ਐਸ. ਚਾਹਲ ਅਤੇ ਹੋਰ ਜੀ.ਓ.ਜੀਜ਼. ਵੀ ਮੌਜੂਦ ਸਨ। ਕੋਵਿਡ-19 ਨਾਲ ਲੜਨ ਵਿਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਣਕ ਦੀ ਨਿਰਵਿਘਨ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਮਦਦ ਕਰਨ ਵਿਚ ਜੀ.ਓ.ਜੀਜ਼ ਦੇ ਯਤਨਾਂ ਦੀ ਪ੍ਰਸ਼ੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਜੀ.ਓ.ਜੀਜ਼ ਨੇ ਉਹ ਇੱਜਤ ਕਮਾਈ ਹੈ ਜਿਸ ਨੂੰ

ਖਰੀਦਿਆ ਨਹੀਂ ਜਾ ਸਕਦਾ। ਉਨ੍ਹਾਂ ਜੀ.ਓ.ਜੀਜ਼ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੇ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ ਅਤੇ ਆਪਣੀਆਂ ਸਾਬਕਾ ਸੈਨਿਕਾਂ ਦੀਆਂ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕਰਨ।  ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਨਰਲ ਸ਼ੇਰਗਿੱਲ ਨੇ ਜ਼ਿਲ੍ਹਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਕਣਕ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਤਸੱਲੀ ਪ੍ਰਗਟਾਈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਅਨਾਜ ਮੰਡੀ ਵਿਚ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।  ਡਿਪਟੀ ਕਮਿਸ਼ਨਰ ਨੇ ਸੀਨੀਅਰ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦੇ ਇਕ ਇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

NO COMMENTS