
ਅੰਮ੍ਰਿਤਸਰ/ਚੰਡੀਗੜ੍ਹ, 5 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਮੇਰੀ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ।”
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਲੰਮੇ ਸਮੇਂ ਤੋਂ ਦੁਨਿਆਵੀ ਅਤੇ ਅਧਿਆਤਮਕ ਸ਼ਕਤੀਆਂ ਦਾ ਸਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਸਿੱਖ ਹੀ ਨਹੀਂ ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਇਸ ਪਾਵਨ ਅਸਥਾਨ ਤੋਂ ਸ਼ਕਤੀ ਹਾਸਲ ਕਰਦਾ ਹੈ। ਭਗਵੰਤ ਮਾਨ ਨੇ ਅਰਦਾਸ ਕੀਤੀ ਕਿ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰੇਕ ਖੇਤਰ ਵਿਚ ਮੁਲਕ ਦੀ ਅਗਵਾਈ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਜਿਸ ਕਰਕੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਉਹ ਅਕਾਲ ਪੁਰਖ ਦੀਆਂ ਮਿਹਰਾਂ ਹਾਸਲ ਕਰਨ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਅਸਥਾਨ ਉਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਅਤੇ ਇੱਥੇ ਆਉਣ ਨਾਲ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਨਵੇਂ ਉਤਸ਼ਾਹ ਤੇ ਜੋਸ਼ ਨਾਲ ਭਰ ਦਿੱਤਾ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚ ਵਿਸਥਾਰ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ।
——–
