
ਚੰਡੀਗੜ੍ਹ, 6 ਫਰਵਰੀ(ਸਾਰਾ ਯਹਾਂ/ਬਿਊਰੋ ਨਿਊਜ਼)
ਸੂਬੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਧਾਰਾ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵੱਡੇ ਜਨਤਕ ਹਿੱਤਾਂ ਵਿੱਚ ਲਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਵਿਧੀ ਪਹਿਲਾਂ ਹੀ ਤਿਆਰ ਹੋ ਚੁੱਕੀ ਹੈ ਅਤੇ ਜਲਦੀ ਹੀ ਵੇਰਵੇ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਗਿਆ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਉਨ੍ਹਾਂ ਦੇ ਲਾਭ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਐਨ.ਓ.ਸੀ ਨਾ ਮਿਲਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨ ਦੀ ਰਜਿਸਟਰੀ ਨਾ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਧਰ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਹ ਸਮੱਸਿਆ ਹੱਲ ਹੋ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਲਈ ਐਨਓਸੀ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ।
