*ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ*

0
44

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ‘ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। 

ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ ‘ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਸਕੀਮਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਮਿੰਟ ਲਈ ਵੀ ਅਰਾਮ ਨਹੀਂ ਕੀਤਾ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਜਸ਼ਨ ਮਨਾਉਣ ਦੇ ਸਮਾਗਮ ਹੋਣੇ ਸ਼ੁਰੂ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਗਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਸਾਫ ਨੀਅਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਲਈ ਜੋਸ਼ ਅਤੇ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਰੋਲ ਮਾਡਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਹੀ ਹੈ ਅਤੇ ਜਦੋਂ ਉਹ ਪਹਿਲੀ ਵਾਰ ਐਮ.ਪੀ. ਚੁਣੇ ਗਏ ਸਨ ਤਾਂ ਸਰਟੀਫਿਕੇਟ ਲੈਣ ਤੋਂ ਤੁਰੰਤ ਬਾਅਦ ਇੱਥੇ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਬੁਨਿਆਦੀ ਸਾਧਨਾਂ ਲਈ ਯਤਨਸ਼ੀਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਇਨ੍ਹਾਂ ਦੋਵਾਂ ਆਗੂਆਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਆਜ਼ਾਦੀ ਲਿਆਂਦੀ ਸੀ ਜਦਕਿ ਬਾਬਾ ਸਾਹਿਬ ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ, ਜੋ ਸਾਡੇ ਲੋਕਤੰਤਰ ਨੂੰ ਸੇਧ ਦੇ ਰਹੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਸਾਬੋਤਾਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਬਾਂਹ ਮਰੋੜ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਵਰਤਿਆ ਜਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰਡੀਨੈਂਸ ਲਿਆ ਕੇ ਨਿਆਂਪਾਲਿਕਾ ਦੇ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ, ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਅਸਲ ਚਿਹਰਾ ਨੰਗਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਲੋਕਾਂ ਦੀ ਸੇਵਾ ਕਰਨ ਦੀ ਨਾ ਤਾਂ ਦੂਰਦਰਸ਼ੀ ਸੋਚ ਸੀ ਅਤੇ ਨਾ ਹੀ ਨੇਕ ਇਰਾਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਇੱਕੋ-ਇੱਕ ਮਕਸਦ ਸੂਬੇ ਦੀ ਦੌਲਤ ਨੂੰ ਲੁੱਟਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਭਲਾਈ ਲਈ ਟੈਕਸ ਚਾਹੁੰਦੇ ਹਾਂ, ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਵਰਗੀਆਂ ਮੋਹਰੀ ਕੰਪਨੀਆਂ ਰਾਹੀਂ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਅਤੇ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵੱਡਾ ਜ਼ੋਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਵਾਲੀਆਂ ਸਰਕਾਰਾਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਸਨ ਜਿਸ ਨੂੰ ਅਣਗੌਲਿਆਂ ਕਰਦਿਆਂ ਇਹਨਾਂ ਸਰਕਾਰਾਂ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਸੂਬੇ ਵਿੱਚ ਝਾਕੀਆਂ ਨੂੰ ਰੱਦ ਕਰਨ ਦਾ ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਹੁਣ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ।

ਅਕਾਲੀ ਦਲ ‘ਚ ਪਰਤਣ ਵਾਲੇ ਕੁਝ ਆਗੂਆਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਆਗੂਆਂ ਦਾ ਸਿਆਸੀ ਭਵਿੱਖ ਖਤਮ ਹੋ ਚੁੱਕਾ ਹੈ, ਜਿਨ੍ਹਾਂ ਨੂੰ ਲੋਕਾਂ ਨੇ ਕਈ ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਕਾਲੀ ਦਲ ‘ਚ ‘ਘਰ ਵਾਪਸ’ ਤਾਂ ਕਰ ਸਕਦੇ ਹਨ ਪਰ ਆਮ ਲੋਕਾਂ ਦਾ ਦਿਲ ਕਦੇ ਨਹੀਂ ਜਿੱਤ ਸਕਦੇ, ਜੋ ਜਾਣਦੇ ਹਨ ਕਿ ਇਹ ਆਗੂ ਸਿਰਫ ਆਪਣਾ ਫਾਇਦਾ ਸੋਚਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਅਤੇ ਨਾ ਹੀ ਸੂਬੇ ਦੀ ਕੋਈ ਚਿੰਤਾ ਹੈ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ‘ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਵੀ ਭੇਟ ਕੀਤੇ। ਭਗਵੰਤ ਸਿੰਘ ਮਾਨ ਨੇ ਨਵੇਂ ਬਣੇ ਅਜਾਇਬ ਘਰ ਦਾ ਦੌਰਾ ਵੀ ਕੀਤਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਵਿਸਥਾਰ ਦਾ ਨੀਂਹ ਪੱਥਰ ਵੀ ਰੱਖਿਆ।

LEAVE A REPLY

Please enter your comment!
Please enter your name here