
ਮੁੰਬਈ/ਚੰਡੀਗੜ੍ਹ, 24 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ.) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ।
ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਕਾਰੋਬਾਰ ਲਈ ਅਥਾਹ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਵਡੇਰਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ।
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।
ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ, ਜਿਹੜਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ।
ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ।
———–
