ਜਲੰਧਰ, 18 ਫਰਵਰੀ(ਸਾਰਾ ਯਹਾਂ/ ਮੁੱਖ ਸੰਪਾਦਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਪਰਮ ਚੇਤਨਾ ਵੱਲ ਲੈ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਾ ਹੈ, ਜਿਸ ਨੂੰ ਮਹਾਨ ਭਾਰਤੀ ਸਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।
ਮੁੱਖ ਮੰਤਰੀ, ਜਿਨ੍ਹਾਂ ਸ੍ਰੀ ਮਹਾ ਲਕਸ਼ਮੀ ਮੰਦਿਰ ਵਿਖੇ ਸ਼ਿਵਾਲਿਆ ਵਿਖੇ ਪੂਜਾ ਅਰਚਨਾ ਕੀਤੀ, ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਦੌਰਾਨ ਭਗਵੰਤ ਮਾਨ ਨੇ ਮਾਂ ਦੁਰਗਾ ਤੋਂ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਤਨਦੇਹੀ ਨਾਲ ਕਰਨ ਲਈ ਆਸ਼ੀਰਵਾਦ ਲੈਣ ਲਈ ਸਤਿਕਾਰਯੋਗ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਅੱਗੇ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਉਨ੍ਹਾਂ ਨੇ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ ਤਾਂ ਜੋ ਬਿਨਾ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਹਮੇਸ਼ਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨਾ ਇਕ ਵਿਲੱਖਣ ਅਨੁਭਵ ਸੀ, ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਕਾਰਾਤਮਕਤਾ ਦੇ ਸੋਮੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਹੋਰ ਵੀ ਹਾਜ਼ਰ ਸਨ।