
ਚੰਡੀਗੜ੍ਹ, 13 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ):
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਦੀਪ ਕੌਰ ਪਤਨੀ ਗੁਰਿੰਦਰ ਸਿੰਘ ਨਵੀ ਦਿੱਲੀ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਲੁਧਿਆਣਾ ਦੇ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਹਰਪਾਲ ਸਿੰਘ ਰਾਮਗੜ੍ਹੀਆ ਜਾਤੀ ਨਾਲ ਸਬੰਧ ਰੱਖਦਾ ਹੈ, ਜਦੋ ਕਿ ਉਸ ਵੱਲੋਂ ਰਾਮਦਾਸੀਆ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਸ ਨੇ ਸਾਲ 1985-86 ਵਿੱਚ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਮ.ਬੀ.ਬੀ.ਐਸ ਵਿੱਚ ਦਾਖਲਾ ਲਿਆ ਅਤੇ ਹੁਣ ਬਤੌਰ ਪ੍ਰਾਈਵੇਟ ਡਾਕਟਰ (ਐਨਥੀਸੀਆ) ਲੁਧਿਆਣਾ ਵਿਖੇ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਹਰਪਾਲ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਪੱਤਰ ਲਿਖ ਕੇ ਹਰਪਾਲ ਸਿੰਘ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਮਿਤੀ 05.08.1982 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
