ਗੁਰਦਾਸਪੁਰ 24,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਹਰ ਮਹਿਕਮੇ ‘ਚ ਹਲਚਲ ਹੈ। ਬੀਤੇ ਦਿਨੀਂ ਪੰਜਾਬ ਸੀਐਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਲਈ ਇੱਕ ਵ੍ਹੱਟਸਐਪ ਨੰਬਰ ਜਾਰੀ ਕੀਤਾ ਜਿਸ ਦਾ ਐਲਾਨ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਹੁਣ ਹਰ ਵਿਭਾਗ ‘ਚ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ‘ਤੇ ਨਕੇਲ ਕੱਸਣ ਦੀ ਤਿਆਰੀ ਹੋ ਰਹੀ ਹੈ। ਹੁਣ ਜੋ ਮਾਮਲਮਾ ਸਾਮਹਣੇ ਆਇਆ ਹੈ, ਉਸ ‘ਚ ਸਿੱਖਿਆ ਵਿਭਾਗ ਦੇ ਗਾਈਡੈਂਸ ਕੌਂਸਲਰ ਨੇ ਸਾਬਕਾ ਸਿੱਖਿਆ ਸਕੱਤਰ ਦੀ ਸ਼ਿਕਾਇਤ ਕੀਤੀ ਹੈ।
ਸਿੱਖਿਆ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸੈਣੀ ਨੇ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਗਈ ਹੈ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਰਮਿੰਦਰ ਸੈਣੀ ਨੂੰ ਮੁਅੱਤਲ ਕੀਤਾ ਸੀ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਆਈਏਐਸ ਸਾਬਕਾ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਅਚਾਨਕ ਬਗੈਰ ਕਿਸੇ ਕਾਰਨ ਦੇ ਮੁਅੱਤਲ ਕਰ ਦਿੱਤਾ ਸੀ।
ਆਪਣੀ ਸ਼ਿਕਾਇਤ ਬਾਰੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸੈਣੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਹੈੱਡਕੁਆਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ ਬਣਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਤੇ ਮਾਨਸਿਕ ਤੌਰ ‘ਤੇ ਵੀ ਪ੍ਰੇਸ਼ਾਨੀ ਝੱਲਣੀ ਪਈ। ਉਨ੍ਹਾਂ ਦੱਸਿਆ ਕਿ ਇਸੇ ਟੈਨਸ਼ਨ ਦੇ ਚੱਲਦਿਆਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਤੇ ਬਾਅਦ ਵਿੱਚ ਮੇਰੇ ਵਿਰੁੱਧ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਪੜਤਾਲ ਜਾਂ ਕੋਈ ਚਾਰਜਸ਼ੀਟ ਨਾ ਹੋਣ ਕਾਰਨ ਵਿਭਾਗ ਵੱਲੋਂ ਮੈਨੂੰ ਬਹਾਲ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਪਰ ਅਜੇ ਵੀ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਅੱਜ ਉਨ੍ਹਾਂ ਨੇ ਭਗਵੰਤ ਮਾਨ ਨੂੰ ਲਿਖਤੀ ਸ਼ਿਕਾਇਤ ‘ਚ ਮੰਗ ਕੀਤੀ ਹੈ ਕਿ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਉੱਪਰ ਬਣਦੀ ਕਾਰਵਾਈ ਕੀਤੀ ਜਾਵੇ।