
ਚੰਡੀਗੜ੍ਹ, 7 ਫਰਵਰੀ: (ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਪਾਸੋਂ ਦੋ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਅਤੇ ਇੱਕ ਮਾਰੂਤੀ ਸਵਿਫਟ ਕਾਰ (ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ), ਵੀ ਜ਼ਬਤ ਕੀਤੀ ਗਈ ਹੈ ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਅਤੇ ਡੀਐਸਪੀ ਏਜੀਟੀਐਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾਇਆ, ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ‘ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂਏਪੀਏ), ਇਰਾਦਾ ਕਤਲ , ਆਰਮਜ਼ ਐਕਟ, ਐਨ.ਡੀ.ਪੀ.ਐਸ. ਐਕਟ ਅਤੇ ਆਈ.ਟੀ. ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਭਗੌੜਾ ਸੀ। ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਡੀਜੀਪੀ ਨੇ ਕਿਹਾ, ‘‘ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।’’
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਏ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ।
ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਮੁਕੱਦਮਾ ਨੰਬਰ 11 ਮਿਤੀ 05-02-2024 ਦਰਜ ਕੀਤਾ ਗਿਆ ਹੈ।
