*ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰਨ ਦਾ ਐਲਾਨ*

0
20

 ਚੰਡੀਗੜ੍ਹ, 10 ਮਈ   (ਸਾਰਾ ਯਹਾਂ/ ਮੁੱਖ ਸੰਪਾਦਕ ):   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਸੂਬਾ ਸਰਕਾਰ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋ ਸਥਾਪਤ ਕਰੇਗੀ ਤਾਂ ਕਿ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ।ਇੱਥੇ ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋਜ਼ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਫੌਰੀ, ਨਿਰਵਿਘਨ ਅਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਸਿੰਗਲ ਵਿੰਡੋਜ਼ ਸਥਾਪਤ ਹੋਣ ਨਾਲ ਉਦਯੋਗਪਤੀਆਂ ਨੂੰ ਦਫ਼ਤਰਾਂ ਵਿੱਚ ਭੱਜ-ਦੌੜ ਕਰਨ ਤੋਂ ਬਿਨਾਂ ਹੀ ਪ੍ਰਵਾਨਗੀਆਂ ਪ੍ਰਾਪਤ ਹੋ ਸਕਣਗੀਆਂ ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਹੋਵੇਗੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਤੇ ਉੱਦਮੀਆਂ ਨੂੰ ਵੱਡੀ ਪੱਧਰ ‘ਤੇ ਸਹੂਲਤ ਦੇਣ ਲਈ ਵਚਨਬੱਧ ਹੈ।ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਢੁਕਵਾਂ ਸਥਾਨ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਦੇ ਨਾਲ-ਨਾਲ ਮਿਹਨਤੀ ਤੇ ਸਮਰਪਿਤ ਮਨੁੱਖੀ ਸ਼ਕਤੀ ਦਾ ਵਿਲੱਖਣ ਸੁਮੇਲ ਹੈ ਜਿਸ ਦੀ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਵਿਚ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਨੂੰ ਵਿਕਾਸ ਦੀ ਲੀਹ ‘ਤੇ ਪਾਉਣਾ ਹੈ। ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਇੱਕ ਪਾਸੇ ਸੂਬੇ ਦੀ ਤਰੱਕੀ ਅਤੇ ਦੂਜੇ ਪਾਸੇ ਲੋਕਾਂ ਦੀ ਖੁਸ਼ਹਾਲੀ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਹੀ ਦੇਸ਼ ਭਰ ਦੇ ਉਦਯੋਗਿਕ ਦਿੱਗਜ਼ਾਂ ਤੱਕ ਪਹੁੰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਨਾਲ ਉਦਯੋਗਪਤੀਆਂ ਅਤੇ ਨੌਜਵਾਨਾਂ, ਦੋਵਾਂ ਨੂੰ ਹੀ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਕਰਨ ਦਾ ਮੰਚ ਮੁਹੱਈਆ ਹੋਵੇਗਾ, ਉੱਥੇ ਹੀ ਉਦਯੋਗਿਕ ਵਿਕਾਸ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀ ਨੌਜਵਾਨਾਂ ਦੇ ਆਪਣੇ ਭਵਿੱਖ ਲਈ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਵਿੱਚ ਮਦਦ ਮਿਲੇਗੀ, ਜਿਸ ਨਾਲ ਸਾਡੇ ਹੋਣਹਾਰ ਨੌਜਵਾਨਾਂ ਨੂੰ ਬਾਹਰੀ ਮੁਲਕਾਂ ਵਿਚ ਜਾਣ ਤੋਂ ਰੋਕਿਆ ਜਾ ਸਕੇਗਾ। ਮਾਨ ਨੇ ਅੱਗੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਤੁਹਾਡੀ ਮਦਦ ਅਤੇ ਸਹਿਯੋਗ ਨਾਲ ਪੰਜਾਬ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਕੇਂਦਰ ਵਜੋਂ ਤਬਦੀਲ ਹੋ ਜਾਵੇਗਾ।”ਇਸ ਮੌਕੇ ਸੀ.ਈ.ਓ. ਕੇ.ਕੇ. ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।————-

NO COMMENTS