
ਚੰਡੀਗੜ, 4 ਅਪਰੈਲ (ਸਾਰਾ ਯਹਾਂ /ਮੁੱਖ ਸੰਪਾਦਕ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ ਲਿਖਕੇ 2020-21 ਦੇ ਸਾਉਣੀ ਮੰਡੀਕਰਨ ਸੀਜਨ ਲਈ ਐਮ.ਐਸ.ਪੀ. ਦੇ 3 ਫੀਸਦੀ ਦੇ ਹਿਸਾਬ ਨਾਲ ਭਾਵ ਪ੍ਰਤੀ ਕੁਇੰਟਲ 54.64 ਰੁਪਏ ਆਰ.ਡੀ.ਐਫ.ਅਦਾ ਕੀਤੇ ਜਾਣ ਦੀ ਮੰਗ ਕੀਤੀ ਹੈ, ਬਜਾਇ 1 ਫੀਸਦੀ ਦੇ ਅਤੇ ਇਹ ਮੰਗ ਖੁਰਾਕ ਤੇ ਜਨਤਕ ਵੰਡ ਵਿਭਾਗ ਦੁਆਰਾ ਜਾਰੀ ਸੋਧੀ ਆਰਜੀ ਕੀਮਤ ਸੂਚੀ ਅਨੁਸਾਰ ਕੀਤੀ ਗਈ ਹੈ।
ਇਹ ਸਪੱਸ਼ਟ ਕਰਦੇ ਹੋਏ ਕਿ ਐਮ.ਐਸ.ਪੀ. ਦੇ 1 ਫੀਸਦੀ ਦੇ ਹਿਸਾਬ ਨਾਲ ਆਰ.ਡੀ.ਐਫ. ਦੀ ਅਦਾਇਗੀ ਪੰਜਾਬ ਰੂਰਲ ਡਿਵਲਪਮੈਂਟ ਐਕਟ, 1987 ਦੇ ਸੈਕਸਨ 5 ਦੀਆਂ ਕਾਨੂੰਨੀ ਧਾਰਾਵਾਂ ਦੇ ਉਲਟ ਹੈ, ਮੁੱਖ ਮੰਤਰੀ ਨੇ ਪਿਯੂਸ ਗੋਇਲ ਨੂੰ ਲਿਖੀ ਆਪਣੀ ਚਿੱਠੀ ਵਿੱਚ ਕਿਹਾ ਕਿ ਨੋਟੀਫਾਈ ਕੀਤੀ ਗਈ ਆਰ.ਡੀ.ਐਫ. , ਵਿਭਾਗ ਵਲੋਂ ਜਾਰੀ 24 ਫਰਵਰੀ ,2020 ਦੇ ਉਸ ਪੱਤਰ ਦੇ ਵੀ ਉਲਟ ਹੈ ਜਿਸ ਤਹਿਤ ਸੂਬਿਆਂ ਨਾਲ ਸਲਾਹ-ਮਸਵਰਾ ਕਰਕੇ ਖਰੀਦ ਸਬੰਧੀ ਸੋਧੇ ਗਏ ਨਿਯਮ ਤੈਅ ਕੀਤੇ ਗਏ ਸਨ। ਪੱਤਰ ਵਿੱਚ ਹੇਠ ਲਿਖੀਆਂ ਇਜਾਜਤਾਂ ਪ੍ਰਦਾਨ ਕੀਤੀਆਂ ਗਈਆਂ:
‘‘1. ਖਰੀਦ ਕਾਰਵਾਈਆਂ ਦੇ ਸਬੰਧ ਵਿੱਚ ਕਿਸੇ ਵੀ ਸੂਬੇ ਜਾਂ ਸੂਬਿਆਂ ਲਈ ਇਸ ਵਿਭਾਗ ਦੁਆਰਾ ਪ੍ਰਵਾਨਿਤ ਮਾਰਕੀਟ ਫੀਸ ਜਾਂ ਕੋਈ ਹੋਰ ਫੀਸ/ਚੂੰਗੀ/ਕਰ
2. ਸੂਬਿਆਂ ਦੁਆਰਾ ਨੋਟੀਫਾਈ ਕੀਤੀਆਂ ਗਈਆਂ ਦਰਾਂ ਪੀ.ਸੀ.ਐਸ. ਅਤੇ ਐਫ.ਸੀ.ਐਸ. ਦੋਵਾਂ ਲਈ ਪ੍ਰਵਾਨਿਤ ਕੀਤੀਆਂ ਜਾਣਗੀਆਂ।’’
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਰ.ਡੀ.ਐਫ. ਦੀ ਦਰ ਵਿੱਚ ਕਿਸੇ ਵੀ ਤਰਾਂ ਦੀ ਇੱਕਤਰਫਾ ਕਟੌਤੀ ਨਾ ਤਾਂ ਖਰੀਦ ਦੇ ਅਸੂਲਾਂ ਅਨੁਸਾਰ ਹੈ ਅਤੇ ਨਾ ਹੀ ਇਹ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਕਾਨੂੰਨ ਦੇ ਅਨੁਸਾਰ ਹੈ। ਇਸ ਲਈ ਇਹ ਸਾਡੇ ਦੇਸ਼ ਦੇ ਫੈਡਰਲ ਢਾਂਚੇ ਦੀ ਉਲੰਘਣਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੁਆਰਾ ਉਗਰਾਹੀ ਜਾਂਦੀ ਮਾਰਕੀਟ ਫੀਸ ਅਤੇ ਆਰਡੀਐਫ ਬਾਕਾਇਦਾ ਕਾਨੂੰਨ ਤਹਿਤ ਨੋਟੀਫਾਈ ਕੀਤੀਆਂ ਗਈਆਂ ਹਨ ਜਿਹਨਾਂ ਨੂੰ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੁਆਰਾ ਮਨਜੂਰੀ ਵੀ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਆਰ.ਡੀ.ਐਫ. ਨੂੰ ਖੁਰਾਕ ਤੇ ਜਨਤਕ ਵੰਡ ਵਿਭਾਗ ਦੁਆਰਾ ਜਾਰੀ ਆਰਜੀ ਕੀਮਤ ਸੂਚੀ ਵਿੱਚ ਪਹਿਲੀ ਵਾਰ ਨਾ-ਮਨਜੂਰ ਕੀਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ 31 ਅਕਤੂਬਰ,2020 ਨੂੰ ਇਸ ਸਬੰਧੀ ਵਿਸਥਾਰਤ ਪੱਤਰ ਲਿਖਿਆ ਸੀ ਅਤੇ ਉਸ ਮਗਰੋਂ ਉਹਨਾਂ ਨੇ 13 ਦਸਬੰਰ,2020 ਨੂੰ ਆਪਣੇ ਅਰਧ-ਸਰਕਾਰੀ ਪੱਤਰ ਰਾਹੀਂ ਪਿਯੂਸ਼ ਗੋਇਲ ਨੂੰ ਆਰ.ਡੀ.ਐਫ., ਜੋ ਕਿ ਬੀਤੇ ਕਈ ਸਾਲਾਂ ਤੋਂ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਚੰੂੂਗੀ ਹੈ, ਛੇਤੀ ਜਾਰੀ ਕਰਨ ਦੀ ਅਪੀਲ ਕੀਤੀ ਸੀ।
ਇਸ ਮਗਰੋਂ ਸੂਬਾ ਸਰਕਾਰ ਨੇ 14 ਜਨਵਰੀ,2021 ਨੂੰ ਆਪਣੇ ਇੱਕ ਪੱਤਰ ਰਾਹੀਂ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ 26 ਅਕਤੂਬਰ, 2020 ਦੇ ਪੱਤਰ ਰਾਹੀਂ ਮੰਗੀ ਗਈ ਲੋੜੀਂਦੀ ਸੂਚਨਾ ਭੇਜ ਦਿੱਤੀ ਸੀ। ਇਸ ਪਿੱਛੋਂ ਖੁਰਾਕ ਤੇ ਜਨਤਕ ਵੰਡ ਵਿਭਾਗ ਵਲੋਂ ਸਾਲ 2018-19 ਤੋਂ ਲੈ ਕੇ 2020-21 ਦਰਮਿਆਨ ਆਰਡੀਐਫ ਦੀ ਪ੍ਰਾਪਤੀ ਅਤੇ ਖਰਚਿਆਂ ਦੇ ਵੇਰਵੇ ਸਬੰਧੀ ਸੂਚਨਾ ਵੀ ਨਿਰਧਾਰਤ ਪ੍ਰੋਫਾਰਮੇ ਵਿੱਚ 17 ਮਾਰਚ,2021 ਦੇ ਪੱਤਰ ਰਾਹੀਂ ਜਮਾਂ ਕਰਵਾ ਦਿੱਤੀ ਗਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਦੁਹਰਾਇਆ ਕਿ ਆਰ.ਡੀ.ਐਫ.ਐਕਟ ਤਹਿਤ ਇਕੱਠੀ ਕੀਤੀ ਗਈ ਚੂੰਗੀ ਨੂੰ ਖਰਚ ਕਰਨ ਲਈ ਕਾਨੂੰਨੀ ਧਾਰਾਵਾਂ ਮੌਜੂਦ ਹਨ ਅਤੇ ਪੇਂਡੂ ਢਾਂਚੇ ਦੇ ਵਿਕਾਸ ਲਈ ਇਹ ਬਹੁਤ ਮਦਦਗਾਰ ਸਿੱਧ ਹੁੰਦੀ ਹੈ । ਇਸ ਨਾਲ ਖੇਤੀਬਾੜੀ ਉਤਪਾਦਨ ਅਤੇ ਅਨਾਜ ਦੇ ਮੰਡੀਕਰਨ ਉੱਤੇ ਸਕਰਾਤਮਾਤਕ ਪ੍ਰਭਾਵ ਪੈਂਦਾ ਹੈ।
————-
