
ਚੰਡੀਗੜ੍ਹ, 15 ਜਨਵਰੀ(ਸਾਰਾ ਯਹਾਂ/ਬਿਊਰੋ ਨਿਊਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
