*ਮੁੱਖ ਮੰਤਰੀ ਵੱਲੋਂ ਵਿਆਪਕ ਫੰਡਾਂ ਰਾਹੀਂ ਸ਼ਾਹੀ ਸ਼ਹਿਰ ਪਟਿਆਲਾ ਦਾ ਮੁਹਾਂਦਰਾ ਬਦਲਣ ਦਾ ਐਲਾਨ*

0
34

ਚੰਡੀਗੜ੍ਹ, 26 ਦਸੰਬਰ(ਸਾਰਾ ਯਹਾਂ/ਬਿਊਰੋ ਨਿਊਜ਼): 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ।


ਇੱਥੇ ਆਪਣੇ ਦਫ਼ਤਰ ਵਿਖੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਉਥੇ ਹੀ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਸੂਬੇ ਦਾ ਵੱਡਾ ਸ਼ਹਿਰ ਹੋਣ ਦੇ ਬਾਵਜੂਦ ਪਟਿਆਲਾ ਵਿਕਾਸ ਦੀ ਰਫ਼ਤਾਰ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।


ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿੱਚ 57 ਕਰੋੜ ਰੁਪਏ ਦੀ ਲਾਗਤ ਨਾਲ 77 ਵਿਕਾਸ ਪ੍ਰੋਜੈਕਟ ਪਹਿਲਾਂ ਹੀ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਟਿਆਲਾ ਵਾਸੀਆਂ ਨੂੰ 24X7 ਨਹਿਰੀ ਪਾਣੀ ਦੀ ਸਪਲਾਈ ਦੇਣ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਜੋ ਲੋਕਾਂ ਨੂੰ ਨਿਰੰਤਰ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।


ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਬਲੋਵਾਲ ਡੇਅਰੀ ਪ੍ਰਾਜੈਕਟ ਜਿੱਥੇ ਪਹਿਲਾਂ ਹੀ ਪਲਾਟ ਅਲਾਟ ਕੀਤੇ ਜਾ ਚੁੱਕੇ ਹਨ, ਵਿੱਚ ਡੇਅਰੀਆਂ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਡਰੇਨ ਦੇ ਨਿਰਮਾਣ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਛੇ ਕਿਲੋਮੀਟਰ ਦੇ ਫੇਜ਼-2 ਨੂੰ 65 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਕੰਮਕਾਜ ਅਤੇ ਸ਼ਹਿਰ ਵਿੱਚ ਲੋਕਾਂ ਲਈ ਸਾਫ਼-ਸਫ਼ਾਈ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦਾ ਵੀ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਲੋਕਾਂ ਦੀ ਸਹੂਲਤ ਲਈ ਸਟਰੀਟ ਲਾਈਟ, ਪਾਰਕਾਂ ਦੀ ਸਾਂਭ-ਸੰਭਾਲ, ਵਿਰਾਸਤੀ ਸਟਰੀਟ ਪ੍ਰੋਜੈਕਟ, ਛੋਟੀ ਬੜੀ ਨਦੀ ਪ੍ਰੋਜੈਕਟ ਅਤੇ ਹੋਰ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੇਂ ਪ੍ਰੋਜੈਕਟਾਂ ਦੀ ਰੂਪ-ਰੇਖਾ, ਵਿਉਂਤਬੰਦੀ ਅਤੇ ਅਮਲ ਨੂੰ ਉੱਚ ਪੇਸ਼ੇਵਰ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਣ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਨੂੰ ਜਨਤਕ ਆਵਾਜਾਈ ਦੇ ਬਿਹਤਰ ਸਾਧਨ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ

LEAVE A REPLY

Please enter your comment!
Please enter your name here