ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਸੀ.ਸੀ.ਐਲ. ਦੇ ਪੂਰੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ

0
136

ਚੰਡੀਗੜ੍ਹ, 21 ਜੁਲਾਈ  (ਸਾਰਾ ਯਹਾ, ਬਲਜੀਤ ਸ਼ਰਮਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਕਿ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਸਬੰਧੀ ਸਾਰੇ ਵਿੱਤੀ ਇੰਤਜ਼ਾਮ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਜੋ ਸਾਉਣੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਅਦਾਇਗੀ ਕੀਤੀ ਜਾ ਸਕੇ।
ਸੂਬੇ ਵਿੱਚ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਹੀ ਸਾਉਣੀ ਮੰਡੀਕਰਨ ਸੀਜ਼ਨ ਮੌਕੇ ਵੀ ਕਿਸਾਨਾਂ ਨੂੰ ਅਦਾਇਗੀਆਂ, ਫਸਲ ਦੀ ਖਰੀਦ 48 ਘੰਟਿਆਂ ਅੰਦਰ ਯਕੀਨੀ ਬਣਾਈਆਂ ਜਾਣ। ਉਨ੍ਹਾਂ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਇਹ ਨਿਸ਼ਚਤ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਦਾਇਗੀਆਂ ਸਮੇਂ ਸਿਰ ਪੁੱਜਦੀਆਂ ਹੋ ਜਾਣ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਿਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਵਾਂਗ ਹੀ ਮਹਾਂਮਾਰੀ ਦੇ ਬਾਵਜੂਦ ਝੋਨੇ ਦੀ ਖਰੀਦ ਪ੍ਰਕਿਰਿਆ ਵੀ ਨਿਰਵਿਘਨ ਨੇਪਰੇ ਚੜ੍ਹ ਸਕੇ।
ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀਆਂ ਏਜੰਸੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਕੋਲਕਾਤਾ ਦੀਆਂ ਬਾਰਦਾਨਾ ਤਿਆਰ ਕਰਨ ਵਾਲੀਆਂ ਮਿੱਲਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਬਾਰਦਾਨੇ ਦੀ ਸਪਲਾਈ ‘ਤੇ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਇੱਕ ਵਾਰ ਵਰਤੇ ਜਾ ਚੁੱਕੇ ਬਾਰਦਾਨੇ ਦੇ ਮੁੜ ਇਸਤੇਮਾਲ ਅਤੇ ਇਸ ਤੋਂ ਇਲਾਵਾ ਐਚ.ਡੀ.ਪੀ.ਈ. (ਪਲਾਸਟਿਕ) ਥੈਲੇ ਇਸਤੇਮਾਲ ਕਰਨ ਦੀ ਸੰਭਾਵਨਾ ਵੀ ਵਿਚਾਰਨ ਲਈ ਕਿਹਾ।
———

LEAVE A REPLY

Please enter your comment!
Please enter your name here