
ਜਗਰਾਉਂ, 1 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ।
ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਲਈ ਵੱਡੀ ਪੱਧਰ ‘ਤੇ ਭਰਤੀ ਮੁਹਿੰਮ ਵਿੱਢੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮਿਲ ਸਕਣ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰੀ ਹਸਪਤਾਲਾਂ ਨੂੰ ਨਵੀਨਤਮ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਨਵੇਂ ਹਸਪਤਾਲ ਖੋਲ੍ਹਣ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਛੇਤੀ ਹੀ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ ਮੈਡੀਕਲ ਸਿੱਖਿਆ ਦੇ ਕੇਂਦਰ ਵਿੱਚ ਬਦਲ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਨਵਾਂ ਬਣਿਆ ਜੱਚਾ-ਬੱਚਾ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਰਚ, 2023 ਵਿੱਚ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹੋਣ ਵਾਲਾ ਵੱਕਾਰੀ ਜੀ-20 ਸਿਖਰ ਸੰਮੇਲਨ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਨਿਵੇਸ਼ ਲਈ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਰਸਾਉਣ ਲਈ ਢੁਕਵਾਂ ਮੰਚ ਵੀ ਪ੍ਰਦਾਨ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਸਾਰਿਆਂ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਕਿਸਮਤੀ ਹੈ ਕਿ ਉਸ ਨੂੰ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਵਰਗੇ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕਰਨਗੇ।
ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਦੀ ਸਮੁੱਚੀ ਪ੍ਰਕਿਰਿਆ ਇਕ ਹਫਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬਾ ਭਰ ਦੇ ਕਿਸਾਨਾਂ ਵੱਲੋਂ ਇੱਕ ਵੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ।
ਸੂਬਾ ਸਰਕਾਰ ਵੱਲੋਂ ਪਿਛਲੇ ਸੱਤ ਮਹੀਨਿਆਂ ਦੌਰਾਨ ਕੀਤੀਆਂ ਗਈਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰੇਕ ਬਿੱਲ ਚੱਕਰ ਉਤੇ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਪਰਿਵਾਰਾਂ ਨੂੰ ਸਤੰਬਰ ਮਹੀਨੇ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਅਸਾਸਿਆਂ ਨੂੰ ਲੁੱਟਣ ਵਾਲੇ ਭ੍ਰਿਸ਼ਟ ਲੀਡਰਾਂ ਖ਼ਿਲਾਫ਼ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ-ਵਿਰੋਧੀ ਹੈਲਪਲਾਈਨ ਜਾਰੀ ਕੀਤੀ ਹੈ, ਜਿਸ ਰਾਹੀਂ ਤਕਰੀਬਨ 250 ਭ੍ਰਿਸ਼ਟਾਚਾਰੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਤੇ ਸਮਰਪਿਤ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ-ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ‘ਇਕ ਵਿਧਾਇਕ-ਇਕ ਪੈਨਸ਼ਨ ਬਿੱਲ’ ਪਾਸ ਕੀਤਾ ਹੈ, ਜਿਸ ਨਾਲ ਹੁਣ ਹਰੇਕ ਵਿਧਾਇਕ ਨੂੰ ਪਹਿਲਾਂ ਹਰੇਕ ਕਾਰਜਕਾਲ ਦੀਆਂ ਵੱਖਰੀਆਂ ਪੈਨਸ਼ਨਾਂ ਮਿਲਣ ਦੀ ਬਜਾਏ ਸਿਰਫ਼ ਇਕ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਠੇਕੇ ਉਤੇ ਭਰਤੀ ਕੀਤੇ 36 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਹਾਲ ਹੀ ਵਿੱਚ ਤਕਰੀਬਨ 9 ਹਜ਼ਾਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਤੇ ਸਮਾਂਬੱਧ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ 75ਵੇਂ ਸੁਤੰਤਰਤਾ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਤਕਰੀਬਨ 100 ਕਲੀਨਿਕਲ ਟੈਸਟਾਂ ਵਾਲੇ 41 ਸਿਹਤ ਪੈਕੇਜ ਬਿਲਕੁੱਲ ਮੁਫ਼ਤ ਦਿੱਤੇ ਜਾ ਰਹੇ ਹਨ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਕਲੀਨਿਕ ਪੰਜਾਬ ਵਿੱਚ ਸਮੁੱਚੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਤੋਂ ਪਹਿਲਾਂ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ।
ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਅਸ਼ੋਕ ਪ੍ਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ ਤੇ ਜੀਵਨ ਸਿੰਘ ਸੰਗੋਵਾਲ ਤੋਂ ਇਲਾਵਾ ਸਿਹਤ ਸਕੱਤਰ ਅਜੌਏ ਸ਼ਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਜੰਗਲਾਤ ਵਿਕਾਸ ਕਾਰਪੋਰੇਸ਼ਨ ਨਵਜੋਤ ਸਿੰਘ ਜਰਗ, ਆਈ.ਜੀ. ਲੁਧਿਆਣਾ ਰੇਂਜ ਐਸ.ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਐਸ.ਪੀ. ਹਰਜੀਤ ਸਿੰਘ ਤੇ ਹੋਰ ਹਾਜ਼ਰ ਸਨ।
———–
