*ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਬੰਦੂਕ ਸੱਭਿਆਚਾਰ ਨੂੰ ਸਖ਼ਤੀ ਨਾਲ ਨੱਥ ਪਾਉਣ ਦੇ ਨਿਰਦੇਸ਼*

0
42

ਚੰਡੀਗੜ੍ਹ, 13 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ )  : ਬੰਦੂਕ ਸੱਭਿਆਚਾਰ ‘ਤੇ ਰੋਕ ਲਗਾਉਣ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹਥਿਆਰਾਂ ਦੀ ਵਰਤੋਂ ‘ਤੇ ਰੋਕ ਲਗਾਉਣ ਸਬੰਧੀ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਪ੍ਰਮੁੱਖ ਸਕੱਤਰ ਗ੍ਰਹਿ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੁਲਿਸ ਕਮਿਸ਼ਨਰਾਂ, ਜ਼ਿਲ੍ਹਾ ਮੈਜਿਸਟਰੇਟਾਂ ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ ਨੂੰ ਇੱਕ ਵਿਸਥਾਰਤ ਪੱਤਰ ਜਾਰੀ ਕਰਕੇ ਸੂਬੇ ਵਿੱਚ ਮੌਜੂਦ ਸਾਰੇ ਅਸਲਾ ਲਾਇਸੰਸਾਂ ਦੀ ਸਮੀਖਿਆ ਕਰਨ ਲਈ ਕਿਹਾ ਹੈ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਪਿਛਲੇ ਸਮੇਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਲਾਇਸੰਸਾਂ ਜਾਰੀ ਕੀਤਾ ਗਿਆ ਸੀ, ਤਾਂ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ।

ਇਸੇ ਤਰ੍ਹਾਂ ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਆਉਣ ਵਾਲੇ ਤਿੰਨ ਮਹੀਨਿਆਂ ਦੌਰਾਨ ਆਮ ਤੌਰ ‘ਤੇ ਕੋਈ ਨਵਾਂ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਕਿਹਾ ਗਿਆ ਹੈ ਕਿ ਲਾਇਸੰਸ ਸਿਰਫ਼ ਉਸ ਮਾਮਲੇ ਵਿੱਚ ਹੀ ਜਾਰੀ ਕੀਤਾ ਜਾਵੇ, ਜਿੱਥੇ ਇਸ ਦੀ ਅਸਲ ਵਿੱਚ ਬਹੁਤ ਜ਼ਿਆਦਾ ਲੋੜ ਹੋਵੇ ਬਸ਼ਰਤੇ ਅਜਿਹੇ ਮਾਮਲੇ ਵਿੱਚ ਬਿਨੈਕਾਰ ਦੁਆਰਾ ਦਿੱਤੇ ਗਏ ਤਰਕ ਤੋਂ ਅਸਲਾ ਲਾਇਸੰਸ ਜਾਰੀ ਕਰਨ ਵਾਲੀ ਅਥਾਰਟੀ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ। ਇਸ ਦੇ ਨਾਲ ਹੀ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਜਨਤਕ ਪ੍ਰਦਰਸ਼ਨੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਹ ਪਾਬੰਦੀ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਲਾਗੂ ਹੋਵੇਗੀ।
ਇਸ ਤੋ ਇਲਾਵਾ ਬੰਦੂਕ ਸੱਭਿਆਚਾਰ ਨੂੰ ਦਰਸਾਉਂਦੇ ਗੀਤਾਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹਾਂ, ਪਾਰਟੀਆਂ ਅਤੇ ਹੋਰ ਥਾਵਾਂ ‘ਤੇ ਹਥਿਆਰ ਲੈ ਕੇ ਜਾਣ ਅਤੇ ਇਨ੍ਹਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਗਈ ਹੈ।
ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਖੇਤਰਾਂ ਵਿੱਚ ਵਿਸ਼ੇਸ਼ ਅਤੇ ਅਚਨਚੇਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਨਫ਼ਰਤੀ ਭਾਸ਼ਣ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।    

————— 

LEAVE A REPLY

Please enter your comment!
Please enter your name here