*ਮੁੱਖ ਮੰਤਰੀ ਵੱਲੋਂ ਸੱਤਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ*

0
60

ਮਾਨਸਾ, 9 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਵਰਚੂਅਲ ਉਦਘਾਟਨ ਕੀਤਾ ਜਿਸ ਦਾ ਟੀਚਾ ਪੰਜਾਬ ਭਰ ਵਿੱਚ 2.5 ਲੱਖ ਅਸਾਮੀਆਂ ਭਰਨਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ, ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਸੀਨੀਅਰ ਕਾਂਗਰਸ ਆਗੂ ਡਾ ਮੰਜੂ ਬਾਂਸਲ, ਸੀਨੀਅਰ ਕਾਂਗਰਸ ਆਗੂ ਸ੍ਰੀ ਚੁਸ਼ਪਿੰਦਰਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਸਮੇਤ ਹੋਰਾਂ ਨੇ ਹਿੱਸਾ ਲਿਆ।ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਦੇ ਭਰਤੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ‘ਮੇਰਾ ਕੰਮ ਮੇਰਾ ਮਾਣ’ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਤਾਂ ਜੋ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤਹਿਤ ਰਜਿਸਟਰਡ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੋਜ਼ਗਾਰ ਸਹਾਇਤਾ ਭੱਤਾ (2500 ਰੁਪਏ ਪ੍ਰਤੀ ਮਹੀਨਾ) ਮੁਹੱਈਆ ਕਰਵਾਇਆ ਜਾ ਸਕੇ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਨੌਕਰੀ ਲਈ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਜਿਸ ਲਈ ਸੂਬਾ ਸਰਕਾਰ ਵੱਲੋਂ ਮੁਫਤ ਹੁਨਰ ਸਿਖਲਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਾਉਣ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਬੀਤੇ ਚਾਰ ਵਰ੍ਹਿਆਂ ਤੋਂ ਰੋਜ਼ਾਨਾ ਔਸਤਨ 1200 ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਨੂੰ ਮੁੱਖ ਰੱਖਦੇ ਹੋਏ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਰਕਾਰੀ/ਨਿੱਜੀ ਨੌਕਰੀਆਂ, ਕੈਰੀਅਰ ਸਬੰਧੀ ਕਾਊਂਸਲਿੰਗ, ਸਵੈ-ਰੋਜ਼ਗਾਰ ਸ਼ੁਰੂ ਕਰਨਾ, ਵਿਦੇਸ਼ਾਂ ਵਿੱਚ ਪੜ੍ਹਾਈ/ਨੌਕਰੀ ਅਤੇ ਹੁਨਰ ਵਿਕਾਸ ਦੀ ਸਿਖਲਾਈ ਸਬੰਧੀ ਨੌਜਵਾਨ ਪੀੜ੍ਹੀ ਦੇ ਸਵਾਲਾਂ ਦਾ ਜਵਾਬ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਕ ਹੋਰ ਪਹਿਲਕਦਮੀ ਵਿੱਚ ‘ਮਿਸ਼ਨ ਰੈੱਡ ਸਕਾਈ’ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਓਟ ਕਲੀਨਿਕਾਂ ਵਿਖੇ ਇਲਾਜ਼ ਕਰਵਾ ਰਹੇ ਨਸ਼ਾ ਪੀੜਤਾਂ/ਨਸ਼ੇ ਦੇ ਆਦੀਆਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨੌਕਰੀ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਹੁਣ ਤੱਕ 11,658 ਬੇਰੋਜ਼ਗਾਰ ਸੁਧਰ ਚੁੱਕੇ ਨਸ਼ੇ ਦੇ ਆਦੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ 2203 ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਪਣੇ ਹੁਨਰ ਵਿੱਚ ਨਿਖਾਰ ਲਿਆਉਣ ਦੀ ਸਿਖਲਾਈ ਦੇਣਾ ਸ਼ੁਰੂ ਕੀਤਾ ਜਾ ਚੁੱਕਾ ਹੈ।
ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਮਿਸ਼ਨ ਤਹਿਤ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 430 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 90 ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚੋਂ 10 ਗਰੀਬ ਤੋਂ ਗਰੀਬ ਬੇਰੋਜ਼ਗਾਰ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੌਕਰੀਆਂ ਹਾਸਿਲ ਕਰਨ ਵਿੱਚ ਮਦਦ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ 1,11,259 ਉਮੀਦਵਾਰ ਸਵੈ-ਨਿਰਭਰ ਬਣਣ ਵਿੱਚ ਸਫਲ ਹੋਏ ਹਨ ਜਦੋਂ ਕਿ 13,720 ਨੂੰ ਹੁਨਰ ਸਿਖਲਾਈ ਲਈ ਸਪਾਂਸਰ ਕੀਤਾ ਜਾ ਚੁੱਕਿਆ ਹੈ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ ਤਾਂ ਕਿ 1965 ਦੀ ਭਾਰਤ-ਪਾਕਿ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ ਦੀ ਲਾਮਿਸਾਲ ਸੂਰਮਗਤੀ ਨੂੰ ਸਿਜਦਾ ਕਰਨ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਫੌਜ ਅਤੇ ਅਰਧ-ਸੈਨਿਕ ਬਲਾਂ ਵਿੱਚ ਚੋਣ ਹਿੱਤ ਢੁੱਕਵੀਂ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।

NO COMMENTS