*ਮੁੱਖ ਸਕੱਤਰ ਵੱਲੋਂ ਵਿਭਾਗਾਂ ਨੂੰ ਚੱਲ ਰਹੀ ਭਰਤੀ ਮੁਹਿੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼..!17.61 ਲੱਖ ਨੌਕਰੀਆਂ ਦਿੱਤੀਆਂ, 33553 ਅਸਾਮੀਆਂ ਲਈ ਇਸ਼ਤਿਹਾਰ ਜਾਰੀ*

0
15

ਚੰਡੀਗੜ੍ਹ, 15 ਜੂਨ  (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੋਜ਼ਗਾਰ ਉੱਤਪਤੀ ਸਬੰਧੀ ਪ੍ਰਮੁੱਖ ਯੋਜਨਾ “ਘਰ-ਘਰ ਰੋਜ਼ਗਾਰ” ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਖਾਲੀ ਆਸਾਮੀਆਂ ਨੂੰ ਜਲਦ ਭਰਨ ਲਈ ਸੂਬੇ ਦੇ ਸਮੂਹ ਵਿਭਾਗਾਂ ਨੂੰ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇਥੇ ਸੂਬਾਈ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ, 2017 ਤੋਂ ਹੁਣ ਤੱਕ ਯੋਗ ਬੇਰੋਜ਼ਗਾਰ ਨੌਜਵਾਨਾਂ ਨੂੰ 17.61 ਲੱਖ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 58,508 ਨੌਕਰੀਆਂ ਸਰਕਾਰੀ ਵਿਭਾਗਾਂ ਵਿੱਚ ਦੇਣ ਤੋਂ ਇਲਾਵਾ 7.06 ਲੱਖ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਅਤੇ 9.97 ਲੱਖ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਉੱਦਮ ਵਿੱਚ ਸਹਾਇਤਾ ਕੀਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਖੇਤਰ ਵਿੱਚ 1 ਲੱਖ ਨੌਜਵਾਨਾਂ ਦੀ ਭਰਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ 61,336 ਆਸਾਮੀਆਂ ਭਰਨ ਲਈ 14 ਅਕਤੂਬਰ, 2020 ਨੂੰ
ਸੂਬਾਈ ਰੋਜ਼ਗਾਰ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ।

ਮੰਤਰੀ ਮੰਡਲ ਦੇ ਇਸ ਫੈਸਲੇ ‘ਤੇ ਅਮਲ ਕਰਦਿਆਂ, ਸਰਕਾਰ ਵੱਲੋਂ ਪਹਿਲਾਂ ਹੀ 33,553 ਆਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾ ਚੁੱਕੇ ਹਨ ਜਦੋਂ ਕਿ ਵੱਖ-ਵੱਖ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ 1 ਅਪ੍ਰੈਲ, 2020 ਤੋਂ ਹੁਣ ਤੱਕ 9,019 ਨਿਯੁਕਤੀਆਂ ਕੀਤੀਆਂ ਗਈਆਂ ਹਨ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਵਿੱਚ ਕੁੱਲ 39 ਵਿਭਾਗ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਤਿੰਨ ਵਿਭਾਗਾਂ ਵਿੱਚ ਵੱਡੇ ਪੱਧਰ ‘ਤੇ ਭਰਤੀ ਹੋਣੀ ਹੈ, ਜਿਵੇਂ ਕਿ ਸਕੂਲ ਸਿੱਖਿਆ ਵਿਭਾਗ ਵਿੱਚ 16,681 ਆਸਾਮੀਆਂ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਿੱਚ 11,271 ਆਸਾਮੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 5,834 ਆਸਾਮੀਆਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰਕਿਰਿਆ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਨਾਲ ਸਬੰਧਤ ਹੈ ਅਤੇ ਇਹ ਭਰਤੀ ਪੀ.ਪੀ.ਐਸ.ਸੀ. / ਪੀ.ਐਸ.ਐਸ.ਐਸ.ਬੀ. / ਵਿਭਾਗੀ ਕਮੇਟੀ / ਥਰਡ ਪਾਰਟੀ ਰਾਹੀਂ ਕੀਤੀ ਜਾਵੇਗੀ।
ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਯੋਗ ਬੇਰੋਜ਼ਗਾਰ ਨੌਜਵਾਨਾਂ ਦੀ ਮੈਰਿਟ ਦੇ ਅਧਾਰ ’ਤੇ ਭਰਤੀ ਨੂੰ ਯਕੀਨੀ ਬਣਾਇਆ ਜਾਵੇ।—————

LEAVE A REPLY

Please enter your comment!
Please enter your name here