ਮਾਨਸਾ, 21 ਦਸੰਬਰ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪੰਜਾਬ ਪਰਤਦੇ ਹੀ ਮਾਨਸਾ ਦੇ ਪਿੰਡ ਮੂਸੇ ਪਹੁੰਚੇ। ਇਸ ਦੌਰਾਨ ਮਾਨਸਾ ਪੁਲਿਸ ਨੇ ਉਨ੍ਹਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵੱਲੋਂ 12 ਜਨਵਰੀ, 2023 ਲਈ ਜਾਰੀ ਕੀਤੇ ਸੰਮਨ ਸੌਂਪੇ। ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣਾ ਹੋਵੇਗਾ।
ਚੰਨੀ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੇ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਸਾਂਝਾ ਕੀਤਾ। ਚੰਨੀ ਨੇ ਕਿਹਾ ਕਿ ਮਾਨਸਾ ਆਉਣ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਸੁਨੇਹਾ ਭੇਜਿਆ ਸੀ ਕਿ ਜੇਕਰ ਉਹ ਮਾਨਸਾ ਆਏ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਮੂਸੇਵਾਲਾ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਗਿਆ ਸੀ।ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਬੀਤੀ ਰਾਤ ਮੂਸੇਵਾਲਾ ਦੇ ਘਰ ਠਹਿਰੇ ਸਨ। ਮੂਸੇਵਾਲਾ ਦੇ ਪਿਤਾ ਨਾਲ ਚੰਨੀ ਦੀਆਂ ਕੁਝ ਤਸਵੀਰਾਂ ਸੋਸ਼ਲ ਸਾਈਟਸ ‘ਤੇ ਵੀ ਸਾਹਮਣੇ ਆਈਆਂ ਹਨ। ਚੰਨੀ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਮੂਸੇ ਵਾਲੇ ਪਰਿਵਾਰ ਨੂੰ ਮਿਲਣ ਲਈ ਪਿੰਡ ਪਹੁੰਚੇ। ਦੱਸ ਦੇਈਏ ਕਿ ਚੰਨੀ ਇਸ ਤੋਂ ਪਹਿਲਾਂ ਵਿਦੇਸ਼ ਗਏ ਹੋਏ ਸਨ। ਚਰਨਜੀਤ ਸਿੰਘ ਚੰਨੀ ਨੇ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਪਰਿਵਾਰ ਦੇ ਨਾਲ ਹਨ। ਉਹ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਅਤੇ ਸੰਘਰਸ਼ ਕਰਨਗੇ। ਚੰਨੀ ਵੱਲੋਂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਉਂਦੀ ਨਜ਼ਰ ਆ ਰਹੀ ਹੈ ਕਿਉਂਕਿ ਚੋਣ ਹਾਰਨ ਤੋਂ ਬਾਅਦ ਸਾਬਕਾ ਸੀਐਮ ਕਰੀਬ 8 ਮਹੀਨੇ ਤੋਂ ਚੁੱਪ ਸਨ