*ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ- ਮੁੱਖ ਮੰਤਰੀ ਚੰਨੀ*

0
8

ਅੰਮ੍ਰਿਤਸਰ, 6 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਲਈ ਮਿਆਰੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ‘ਤੇ ਅਧਾਰਿਤ ਹੈ।

ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਉੱਘੀ ਸ਼ਖਸੀਅਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਅਤੇ ਸਿੱਖ ਸ਼ਰਧਾਲੂ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ਪੰਜ ਚੇਅਰਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਸਿੱਖਿਆ ਨੂੰ ਚੰਗੀ ਜੀਵਨ-ਜਾਚ ਲਈ ਬਹੁਤ ਮਹੱਤਵਪੂਰਨ ਦੱਸਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਗਰੀਬੀ ਤੋਂ ਛੁਟਕਾਰਾ ਪਾਉਣਾ ਸੰਭਵ ਨਹੀਂ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੁਫਤ ਸਿੱਖਿਆ ਦੀ ਬਜਾਏ ਮਿਆਰੀ ਅਤੇ ਸਸਤੀ ਸਿੱਖਿਆ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਬੱਤ ਦੀ ਭਲਾਈ ਵਾਲਾ ਸੂਬਾ ਹੈ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਤੱਕ ਸਾਰਿਆਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਅਤੇ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਮਾਜ ਦੇ ਹਰ ਵਰਗ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੇ ਮੁਕਾਮ ਹਾਸਲ ਕਰਨ ਦਾ ਮੌਕਾ ਮਿਲੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਦੀ ਢੁਕਵੀਂ ਮਦਦ ਕਰਨ ਦੇ ਉਦੇਸ਼ ਪ੍ਰਤੀ ਪੂਰਨ ਤੌਰ ਉਤੇ ਵਚਨਬੱਧ ਹੈ।

ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਮਾਜ ਦੀਆਂ ਮੌਜੂਦਾ ਜ਼ਰੂਰਤਾਂ ਮੁਤਾਬਕ ਢਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਯੂਨੀਵਰਸਿਟੀਆਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸੰਸਥਾਵਾਂ ਉਚੇਰੀ ਸਿੱਖਿਆ ਦੇ ਮੰਦਰ ਹਨ ਅਤੇ ਇਸ ਲਈ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਿੱਖਿਆ ਨੂੰ ਸਾਰਿਆਂ ਤੱਕ ਆਸਾਨੀ ਨਾਲ ਪਹੁੰਚਾਇਆ ਜਾ ਸਕੇ।

 ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਯੂਨੀਵਰਸਿਟੀਆਂ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਪਹਿਲਾਂ ਹੀ ਲੋੜੀਂਦੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਰਾਸ਼ੀ ਦੇ ਰੂਪ ਵਿਚ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਘਟਾਉਣ ਲਈ ਵੀ ਢੁਕਵੀਂ ਯੋਜਨਾ ਉਲੀਕਣ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਡਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਨਾਮ ‘ਤੇ ਸਥਾਪਤ ਕੀਤੀਆਂ ਚੇਅਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਮਹਾਨ ਜੀਵਨ ਅਤੇ ਫਲਸਫੇ ਦੇ ਪਾਸਾਰ  ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਭਗਤ ਕਬੀਰ ਜੀ, ਡਾ: ਬੀ.ਆਰ. ਅੰਬੇਦਕਰ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਬਾਰੇ ਵਿਆਪਕ ਰੂਪ ਵਿਚ ਖੋਜ ਕਾਰਜ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਚਾਨਣ ਮੁਨਾਰੇ ਵਜੋਂ ਰਾਹ ਦਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਸੰਗੀਤ ਅਕੈਡਮੀ ਸਥਾਪਤ ਕਰਨ ਦਾ ਵੀ ਐਲਾਨ ਕੀਤਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਇਹ ਚੇਅਰਾਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਚੇਅਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਮਹਾਨ ਅਤੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਨਗੀਆਂ। ਸਿੱਧੂ ਨੇ ਕਿਹਾ ਕਿ ਇਹ  ਚੇਅਰਾਂ ਸਿਰਫ਼ ਨਾਮ ਦੀਆਂ ਚੇਅਰਾਂ ਨਹੀਂ ਹਨ, ਸਗੋਂ ਇਹ ਆਪਣੇ-ਆਪ ਵਿੱਚ ਸੰਸਥਾਵਾਂ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਪਾਰਟੀ ਆਲ੍ਹਾ ਕਮਾਨ ਦੀ ਵੀ ਸ਼ਲਾਘਾ ਕੀਤੀ ਕਿਉਂਕਿ ਇਸ ਪਾਰਟੀ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਪਹਿਲਾ ਮੁੱਖ ਮੰਤਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਇਨਕਲਾਬੀ ਕਦਮ ਹੈ ਜੋ ਕਿ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਵੱਲੋਂ ਸਮਾਜਵਾਦ ਦੇ ਟੀਚੇ ਨੂੰ ਸਹੀ ਅਰਥਾਂ ਵਿੱਚ ਪ੍ਰਾਪਤ ਕਰਨ ਲਈ ਤਿਆਰ ਕੀਤੇ ਗਏ ਸੰਵਿਧਾਨ ਦੇ ਅਨੁਕੂਲ ਹੈ। ਸਿੱਧੂ ਨੇ ਕਿਹਾ ਕਿ ਜੇਕਰ ਸਾਰਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਪੰਜਾਬ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਗਰੀਬਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕੀਤੇ ਗਏ ਹਨ, ਜਿਸ ਨਾਲ ਗਰੀਬ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਮੌਕੇ ਡਾ. ਐਚ.ਕੇ. ਪੁਰੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਅਹਿਮ ਤਕਰੀਰੀ ਕੀਤੀ। ਡਾ: ਅਮਰਜੀਤ ਸਿੰਘ ਨੇ ਭਾਈ ਜੈਤਾ ਜੀ ਅਤੇ ਸੰਤ ਕਬੀਰ ਜੀ ਦੇ ਜੀਵਨ ਅਤੇ ਯੋਗਦਾਨ ‘ਤੇ ਚਾਨਣਾ ਪਾਇਆ | ਡਾ: ਸਰਬਜਿੰਦਰ ਸਿੰਘ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਇਤਿਹਾਸਕ ਤੱਥ ਪੇਸ਼ ਕੀਤੇ ਅਤੇ ਡਾ: ਸੁਧਾ ਜਤਿੰਦਰ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ।

ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਲੋਕ ਸਭਾ ਮੈਂਬਰ ਗੁਰਜੀਤ ਔਜਲਾ ਤੇ ਮੁਹੰਮਦ ਸਦੀਕ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਇੰਦਰਬੀਰ ਬੁਲਾਰੀਆ, ਫਤਿਹਜੰਗ ਸਿੰਘ ਬਾਜਵਾ, ਗੁਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ ਲਾਡੀ, ਤਰਸੇਮ ਸਿੰਘ ਡੀ.ਸੀ. ਤੋਂ ਇਲਾਵਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here